ਚੰਡੀਗੜ੍ਹ, 29 ਸਤੰਬਰ
ਸੀਪੀਆਈ ਦੀ ਪੰਜਾਬ ਇਕਾਈ ਦੇ ਸਕੱਤਰ ਬੰਤ ਸਿੰਘ ਬਰਾੜ ਅਤੇ ਪਾਰਟੀ ਦੀ ਕੌਮੀ ਕੌਂਸਲ ਦੇ ਮੈਂਬਰ ਡਾ. ਜੋਗਿੰਦਰ ਦਿਆਲ ਨੇ ਕਿਹਾ ਕਿ ਅਕਾਲੀ ਦਲ, ਭਾਜਪਾ ਦੀ ਅਗਵਾਈ ਵਾਲੀ ਪੰਜਾਬ ਤੇ ਪੰਜਾਬੀ ਵਿਰੋਧੀ ਕੇਂਦਰ ਸਰਕਾਰ ਦਾ ਸਾਥ ਛੱਡੇ ਤੇ ਪੰਜਾਬ ਹਿਤੈਸ਼ੀ ਹੋਣ ਦੇ ਦਾਅਵਿਆਂ ਦੀ ਲਾਜ ਰੱਖੇ। ਦੋਵਾਂ ਆਗੂਆਂ ਨੇ ਇਕ ਮੀਡੀਆ ਰਿਪੋਰਟ ਦੇ ਹਵਾਲੇ ਨਾਲ ਕਿਹਾ ਕਿ ਰਾਜੀਵ-ਲੌਂਗੋਵਾਲ ਸਮਝੌਤੇ ਰਾਹੀਂ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਵਾਅਦਾ ਕੀਤਾ ਗਿਆ ਸੀ ਤੇ ਇਹ ਸਮਝੌਤਾ ਦੋ ਵਿਅਕਤੀਆਂ ਦਰਮਿਆਨ ਹੋਇਆ ਸਿਰਫ਼ ਕਰਾਰ ਨਹੀਂ, ਬਲਕਿ ਇਕ ਕੌਮੀ ਦਸਤਾਵੇਜ਼ ਹੈ।
ਇਸ ਤੋਂ ਭੱਜਣਾ ਭਾਜਪਾ ਦੀ ਫ਼ਿਰਕੂ ਹਿੰਦੂਤਵ ਸੋਚ ਦਾ ਪ੍ਰਗਟਾਵਾ ਤੇ ਪੰਜਾਬ ਅਤੇ ਪੰਜਾਬੀ ਵਿਰੋਧੀ ਹੋਣ ਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ, ਪੰਜਾਬ ਦੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਉਜਾੜ ਕੇ ਬਣਾਇਆ ਗਿਆ ਸੀ, ਜਿਹੜੇ ਅੱਜ ਵੀ ਆਪਣੀ ਮਾਂ-ਬੋਲੀ ਦੀ ਰਾਖੀ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਅਕਾਲੀ ਦਲ ਨੂੰ ਸਵਾਲ ਕੀਤਾ ਕਿ ਦਲ ਕਿੰਨਾ ਚਿਰ ਪੰਜਾਬ ਨਾਲ ਧ੍ਰੋਹ ਕਮਾਉਣ ਵਾਲੀ ਭਾਜਪਾ ਦਾ ਸਾਥ ਦਿੰਦਾ ਰਹੇਗਾ।