ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਿਨਟ ਮੰਤਰੀ ਮਦਨ ਮੋਹਨ ਮਿੱਤਲ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਉਹ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਚੰਡੀਗੜ੍ਹ ਵਿਖੇ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੇ ਮਾਡਲ ਟਾਊਨ ਸਥਿਤ ਗ੍ਰਹਿ ਵਿਖੇ ਪੱਤਰਕਾਰਾਂ ਦੇ ਨਾਲ ਗੱਲ ਕਰਦਿਆਂ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਭਰੇ ਮਨ ਦੇ ਨਾਲ ਭਾਜਪਾ ਨੂੰ ਅਲਵਿਦਾ ਆਖ ਰਹੇ ਹਨ। ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਆਪਣੇ ਪੁੱਤਰ ਐਡਵੋਕੇਟ ਅਰਵਿੰਦ ਮਿੱਤਲ ਅਤੇ ਸਾਥੀਆਂ ਸਮੇਤ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਲ ਹੋਣਗੇ।ਇੱਥੇ ਸ੍ਰੀ ਮਿੱਤਲ ਨੇ ਕਿਹਾ ਕਿ ਮੇਰਾ ਦਿਲ ਬੁਹਤ ਉਦਾਸ ਹੈ ਤੇ ਮੈਨੂੰ ਬੁਹਤ ਮਲਾਲ ਹੈ ਕਿ ਅੱਜ ਮੇਰੀ ਮਾਂ ਮੇਰੇ ਵਾਸਤੇ ਮਤਰੇਈ ਬਣ ਚੁੱਕੀ ਹੈ। ਇਹੀ ਕਾਰਨ ਹੈ ਕਿ ਅੱਜ ਅਸਲੀ ਮਾਂ ਛੱਡਣੀ ਪੈ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਉਨ੍ਹਾਂ ਦੇ ਸਬੰਧ ਹਮੇਸ਼ਾਂ ਹੀ ਸੁਖਾਂਵੇ ਰਹੇ ਹਨ। ਇਹੀ ਨਹੀਂ ਸ੍ਰੀ ਬਾਦਲ ਨੇ ਕਦੇ ਵੀ ਉਨ੍ਹਾਂ ਨੂੰ ਪੁੱਛੇ ਬਿਨਾਂ ਕੋਈ ਫੈਸਲਾ ਨਹੀਂ ਲਿਆ। ਹਾਲਾਂਕਿ ਸੁਖਬੀਰ ਉਨ੍ਹਾਂ ਦੇ ਬੱਚਿਆਂ ਵਾਂਗ ਹੈ ਪਰ ਉਸ ਨੇ ਵੀ ਪਿਤਾ ਪ੍ਰਕਾਸ਼ ਸਿੰਘ ਬਾਦਲ ਵਾਂਗ ਆਪਣੇ ਅੰਦਰ ਗੁਣ ਪੈਦਾ ਕਰ ਲਏ ਹਨ ਤੇ ਅੱਜ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਪੂਰੀ ਯੋਗਤਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੇਟਾ ਅਰਵਿੰਦ ਮਿੱਤਲ ਸ੍ਰੀ ਆਨੰਦਪੁਰ ਸਾਹਿਬ ਤੋਂ ਅਕਾਲੀ-ਬਸਪਾ ਗਠਜੋੜ ਦਾ ਉਮੀਦਵਾਰ ਹੋਵੇਗਾ। ਚਾਹੇ ਉਹ ਇਨਸਾਫ ਕਰਨ ਵਾਲੀ ਸ਼ੋਮਣੀ ਅਕਾਲੀ ਦਲ ਦੀ ਤੱਕੜੀ ਦੇ ਨਿਸ਼ਾਨ ਤੇ ਚੋਣ ਲੜੇ ਜਾਂ ਫਿਰ ਗਣੇਸ਼ ਜੀ ਦਾ ਰੂਪ ਹਾਥੀ ਚੋਣ ਨਿਸ਼ਾਨ ’ਤੇ ਚੋਣ ਲੜੇ ਪਰ ਅਕਾਲੀ-ਬਸਪਾ ਗਠਜੋੜ ਦਾ ਉਮੀਦਵਾਰ ਬਣ ਕੇ ਸ੍ਰੀ ਆਨੰਦਪੁਰ ਸਾਹਿਬ ਨੂੰ ਇਨਸਾਫ ਦੁਆਉਣ ਦੀ ਲੜਾਈ ਲੜੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਐਡਵੋਕੇਟ ਅਰਵਿੰਦ ਮਿੱਤਲ ਸਣੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਹਾਜ਼ਰ ਸਨ।