ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਨਾਟਕ ਦੇ ਰਾਜਪਾਲ ਦੀ ਤਿੱਖੀ ਆਲੋਚਨਾ ਕਰਦਿਆਂ ਕਿਹਾ ਕਿ ਰਾਜਪਾਲ ਨੇ ਸੰਵਿਧਾਨ ਦੀਆਂ ਧੱਜੀਆਂ ਉਡਾ ਕੇ ਸੂਬੇ ਵਿੱਚ ਘੱਟ ਗਿਣਤੀ ਵਾਲੀ ਭਾਜਪਾ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ ਪਰ ਸੁਪਰੀਮ ਕੋਰਟ ਦੇ ਦਖ਼ਲ ਨਾਲ ਸੰਵਿਧਾਨ ਦੇ ਸਿਧਾਂਤਾਂ ਨੂੰ ਬਹਾਲ ਰੱਖਿਆ ਗਿਆ ਹੈ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀਆਂ ਅਤੇ ਕਾਂਗਰਸੀ ਵਿਧਾਇਕਾਂ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ। ਕਾਂਗਰਸ ਪਾਰਟੀ ਨੇ ਕਰਨਾਟਕ ਦੇ ਰਾਜਪਾਲ ਦੇ ਫ਼ੈਸਲੇ ਵਿਰੁਧ ਅੱਜ ਦੇਸ਼ ਭਰ ਵਿੱਚ ਰੋਸ ਮੁਜ਼ਾਹਰੇ ਕੀਤੇ ਅਤੇ ਇਸ ਕੜੀ ਵਿੱਚ ਪੰਜਾਬ ਕਾਂਗਰਸ ਅਤੇ ਸਰਕਾਰ ਨੇ ਮੰਗ ਪੱਤਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ੳਡਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿਤੀ।
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਨੇ ਵਿਧਾਇਕ ਖਰੀਦਣ ਲਈ ਜਿੰਨੇ ਪੈਸੇ ਦੇਣ ਦੀਆਂ ਪੇਸ਼ਕਸ਼ਾਂ ਕੀਤੀਆਂ ਹਨ, ਉਸ ਸਾਹਮਣੇ ਤਾਂ ‘ਕੁਬੇਰ’ ਵੀ ਡੋਲ ਸਕਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਘੱਟ ਗਿਣਤੀ ਨੂੰ ਬਹੁਗਿਣਤੀ ਵਿੱਚ ਬਦਲਣ ਲਈ ਸਾਰੇ ਕਾਇਦੇ-ਕਾਨੂੰਨ ਛਿੱਕੇ ਟੰਗ ਦਿੱਤੇ ਹਨ ਤੇ ਬੇਸ਼ਰਮੀ ਨਾਲ ਖਰੀਦੋ-ਫਰੋਖਤ ਦੇ ਰਾਹ ਪਈ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਵੀ ਇਸੇ ਤਰ੍ਹਾਂ ਦੇ ਜੋੜ ਤੋੜ ਕਰਦੇ ਰਹੇ ਹਨ ਤੇ ਕਰਨਾਟਕ ਦੀ ਭਾਜਪਾ ਨੂੰ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਉਥੇ ਸੱਦ ਲੈਣਾ ਚਾਹੀਦਾ ਸੀ ਕਿ ਤਾਂ ਜੋ ਜੋੜ-ਤੋੜ ਵਿੱਚ ਕੋਈ ਘਾਟ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਜਨਤਾ ਦਲ ਕੋਲ 116 ਵਿਧਾਇਕਾਂ ਦੀ ਹਮਾਇਤ ਹੈ ਤੇ ਰਾਜਪਾਲ ਨੇ 104 ਵਿਧਾਇਕਾਂ ਵਾਲੀ ਪਾਰਟੀ ਨੂੰ ਸੱਦਾ ਦੇ ਕੇ ਸੰਵਿਧਾਨ ਨਾਲ ਮਜ਼ਾਕ ਕੀਤਾ ਹੈ। ਇਸ ਤੋਂ ਪਹਿਲਾਂ ਗੋਆ ਵਿੱਚ ਵੱਡੀ ਪਾਰਟੀ ਨੂੰ ਸੱਦਾ ਦੇਣ ਦੇ ਸਿਧਾਂਤ ਨੂੰ ਬੁਰੀ ਤਰ੍ਹਾਂ ਤੋੜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਭਾਜਪਾ ਸੱਤਾ ’ਤੇ ਕਾਬਜ਼ ਹੋਣ ਲਈ ਕੁਝ ਵੀ ਕਰ ਸਕਦੀ ਹੈ। ਇਹ ਪੁੱਛੇ ਜਾਣ ’ਤੇ ਕਿ ਕੀ ਭਲਕੇ ਦੋਵੇਂ ਪਾਰਟੀਆਂ ਬਹੁਮਤ ਸਾਬਤ ਕਰ ਦੇਣਗੀਆਂ ਤਾਂ ਉਨ੍ਹਾਂ ਕਿਹਾ ਕਿ ਬਹੁਮਤ ਦੋਵਾਂ ਪਾਰਟੀਆਂ ਕੋਲ ਹੈ ਅਤੇ ਭਲਕੇ ਚਾਰ ਵਜੇ ਤੱਕ ਸਾਰੀ ਸਥਿਤੀ ਸਾਹਮਣੇ ਆ ਜਾਵੇਗੀ। ਮੰਗ ਪੱਤਰ ਦੇਣ ਗਏ ਵਫ਼ਦ ਵਿੱਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ, ਰਾਣਾ ਗੁਰਮੀਤ ਸੋਢੀ, ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੰਘ ਸਿੱਧੂੂ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਜੇਇੰਦਰ ਸਿੰਗਲਾ ਤੇ ਹੋਰ ਆਗੂ ਸ਼ਾਮਲ ਸਨ।