ਚੰਡੀਗੜ੍ਹ, 7 ਜਨਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਵਿੱਚ ਖਾਮੀਆਂ ਦਾ ਹਵਾਲਾ ਦੇਣ ਵਾਲੀ ਭਾਰਤੀ ਜਨਤਾ ਪਾਰਟੀ ਦੇ ਦਾਅਵੇ ਦੀ ਫੂਕ ਕੱਢਦਿਆਂ ਪੰਜਾਬ ਕਾਂਗਰਸ ਦੇ ਮੁਖੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਭਾਜਪਾ ਇਹ ਡਰਾਮਾ ਯੂਪੀ ਅਤੇ ਹੋਰਨਾਂ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਚ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਸਨ ਤਾਂ ਭਾਜਪਾ ਨੇ ਉਨ੍ਹਾਂ ਦੀ ਸੁਰੱਖਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਵਿੱਚ 700 ਕਿਸਾਨ ਸ਼ਹੀਦ ਹੋ ਗਏ ਸਨ। ਸ੍ਰੀ ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਭਾਜਪਾ ਨੇ ਮੋਦੀ ਦੀ ਸੁਰੱਖਿਆ ਦਾ ਮੁੱਦਾ ਇਸ ਲਈ ਉਠਾਇਆ ਹੈ ਤਾਂ ਕਿ ਪੰਜਾਬ ਦੇ ਵੋਟਰਾਂ ਨਾਲ ਜੁੜੇ ਮੁੱਦਿਆਂ ਤੋਂ ਧਿਆਨ ਭਟਕਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀ ਇਸ ਸਿਆਸੀ ਚਾਲ ਨੂੰ ਸਮਝਦੇ ਹਨ।