ਚੰਡੀਗੜ੍ਹ, 28 ਜੁਲਾਈ

ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਸੀਨੀਅਰ ਭਾਜਪਾ ਆਗੂਆਂ ਦਾ ਇੱਕ ਵਫ਼ਦ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮਿਲਿਆ। ਵਫ਼ਦ ਨੇ ਰਾਜਪਾਲ ਕੋਲ ਸ਼ਿਕਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਣਦੇਖੀ ਕਾਰਨ ਪੰਜਾਬ ਦੇ ਲਗਪਗ ਸਾਰੇ ਜ਼ਿਲ੍ਹਿਆਂ ਵਿੱਚ ਹੜ੍ਹਾਂ ਕਾਰਨ ਬਦਤਰ ਸਥਿਤੀ ਪੈਦਾ ਹੋਈ ਹੈ ਅਤੇ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੀ ਸਾਰ ਨਹੀਂ ਲੈ ਰਹੀ। ਇਸ ਵਫ਼ਦ ਵਿੱਚ ਸੁਨੀਲ ਜਾਖੜ, ਕੇਵਲ ਸਿੰਘ ਢਿੱਲੋਂ, ਲਖਵਿੰਦਰ ਕੌਰ ਗਰਚਾ, ਪਰਮਿੰਦਰ ਬਰਾੜ, ਗੁਰਪ੍ਰੀਤ ਸਿੰਘ ਕਾਂਗੜ, ਅਰਵਿੰਦ ਖੰਨਾ, ਬਲਬੀਰ ਸਿੱਧੂ, ਅਮਨਜੋਤ ਕੌਰ ਰਾਮੂਵਾਲੀਆ, ਜੈਇੰਦਰ ਕੌਰ, ਡਾ. ਸੁਭਾਸ਼ ਸ਼ਰਮਾ, ਰਾਕੇਸ਼ ਰਾਠੌਰ ਤੇ ਰਾਜ ਕੁਮਾਰ ਵੇਰਕਾ ਸ਼ਾਮਲ ਸਨ। ਵਫ਼ਦ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਨਾਅਹਿਲੀਅਤ ਕਰਕੇ ਹੜ੍ਹਾਂ ਦੀ ਮਾਰ ਹੇਠ ਆਏ ਸੂਬਾ ਵਾਸੀ ਦੁਸ਼ਵਾਰੀਆਂ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਜ਼ਿਲ੍ਹੇ ਹਾਲੇ ਵੀ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ, ਪਰ ‘ਆਪ’ ਸਰਕਾਰ ਪੀੜਤਾਂ ਨੂੰ ਰਾਹਤ ਦੇਣ ਲਈ ਲੋੜੀਂਦੀ ਯੋਜਨਾਬੰਦੀ ਕਰਦੀ ਨਜ਼ਰ ਨਹੀਂ ਆਉਂਦੀ।

ਰਾਜਪਾਲ ਨੂੰ ਦਿੱਤੇ ਮੰਗ ਪੱਤਰ ਰਾਹੀਂ ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਦੇ ਮੁੱਖ ਮੰਤਰੀ ਨੇ ਰਵਾਇਤੀ ਤੌਰ ’ਤੇ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਹੜ੍ਹਾਂ ਦੀ ਤਿਆਰੀ ਸਬੰਧੀ ਸਮੀਖਿਆ ਮੀਟਿੰਗ ਕਰਨ ਦੀ ਖੇਚਲ ਵੀ ਨਹੀਂ ਕੀਤੀ। ਦੂਜੇ ਪਾਸੇ ਵਿਧਾਇਕਾਂ ਨੇ ਲੋੜਵੰਦਾਂ ਤੱਕ ਸਮੇਂ-ਸਿਰ ਵਿੱਤੀ ਸਹਾਇਤਾ ਅਤੇ ਰਾਹਤ ਸਮੱਗਰੀ ਪਹੁੰਚਾਉਣ ਦੇ ਕਿਸੇ ਵੀ ਸੰਭਾਵੀ ਯਤਨ ਵਿੱਚ ਸਹਿਯੋਗ ਕਰਨ ਦੀ ਥਾਂ ਸਮੱਸਿਆ ਨੂੰ ਹੋਰ ਵਧਾ ਕੇ ਪੰਜਾਬ ਦੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਬਿਪਤਾ ਦੀ ਸਥਿਤੀ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹੜਤਾਲ ਕਰਨ ਲਈ ਮਜਬੂਰ ਕੀਤਾ ਗਿਆ, ਜਦਕਿ ਹੜ੍ਹ ਪੀੜਤਾਂ ਨੂੰ ਵਿਸ਼ੇਸ਼ ਗਿਰਦਾਵਰੀ ਮੁਕੰਮਲ ਹੋਣ ਮਗਰੋਂ ਹੀ ਵਿੱਤੀ ਸਹਾਇਤਾ ਮਿਲੇਗੀ।

ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੜ੍ਹਾਂ ਦੀ ਇਸ ਸਥਿਤੀ ਵਿੱਚ ਜਿਥੇ ਆਪਣੇ ਜਾਨ-ਮਾਲ ਦੀ ਰਾਖੀ ਲਈ ਜੱਦੋ-ਜਹਿਦ ਕਰ ਰਹੇ ਹਨ ਉੱਥੇ ਹੀ ਮੁੱਖ ਮੰਤਰੀ ਤੇ ਮੰਤਰੀ ਸਿਰਫ਼ ਫ਼ੋਟੋਆਂ ਖਿਚਵਾਉਣ ਵਿੱਚ ਲੱਗੇ ਹੋਏ ਹਨ। ਭਾਜਪਾ ਵਫ਼ਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਹੁਦੇ ਅਤੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੁਸ਼ਕਿਲਾਂ ਝੱਲ ਰਹੇ ਕਿਸਾਨਾਂ, ਦੁਕਾਨਦਾਰਾਂ ਅਤੇ ਸੂਬੇ ਦੇ ਹੋਰ ਸਾਰੇ ਹੜ੍ਹ ਪੀਨਤਾਂ ਨੂੰ ਫੌਰੀ ਤੌਰ ’ਤੇ ਅੰਤਰਿਮ ਰਾਹਤ ਦੇਣ ਦੀਆਂ ਹਦਾਇਤਾਂ ਜਾਰੀ ਕਰਨ।