ਚੰਡੀਗੜ੍ਹ, 23 ਫਰਵਰੀ

‘ਆਪ’ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਭਾਰਤੀ ਵਿਦਿਆਰਥੀਆਂ ਦੀ ਯੂਕਰੇਨ ਤੋਂ ਸੁਰੱਖਿਅਤ ਦੇਸ਼ ਵਾਪਸੀ ਲਈ ਪ੍ਰਬੰਧ ਕੀਤੇ ਜਾਣ ਤੇ ਮਹਿੰਗੀਆਂ ਹਵਾਈ ਟਿਕਟਾਂ ਦੇ ਮੁੱਦੇ ’ਤੇ ਵੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਵਧ ਕੀਮਤਾਂ ’ਤੇ ਹਵਾਈ ਟਿਕਟਾਂ ਵੇਚਣ ਵਾਲੀਆਂ ਏਅਰਲਾਈਨ ਕੰਪਨੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਰੂਸ ਤੇ ਯੂਕਰੇਨ ਵਿੱਚ ਤਣਾਅ ਵਧਣ ਕਾਰਨ ਯੂਕਰੇਨ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਵਿੱਚ ਪੰਜਾਬ ਮੂਲ ਦੇ ਵਿਦਿਆਰਥੀ ਵੀ ਸ਼ਾਮਲ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਪਰਤਣ ਲਈ ਕਿਹਾ ਹੈ ਪਰ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਪ੍ਰਬੰਧ ਨਹੀਂ ਕੀਤੇ ਹਨ। ਕਿਸੇ ਵੀ ਏਅਰਲਾਈਨ ਨੂੰ ਇਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਵਾਪਸ ਲਿਆਉਣ ਦੀ ਜ਼ਿੰਮੇਵਾਰੀ ਨਹੀਂ ਸੋਂਪੀ ਗਈ ਹੈ ਤੇ ਨਾ ਹੀ ਟਿਕਟਾਂ ਦੀਆਂ ਕੀਮਤਾਂ ਤੈਅ ਕੀਤੀਆਂ ਗਈਆਂ ਹਨ।