ਨਵੀਂ ਦਿੱਲੀ, 20 ਜੂਨ

ਦਿੱਲੀ ਪੁਲਿਸ ਨੇ ਅੱਜ ‘ਭਾਰਤ ਬੰਦ’ ਦੇ ਮੱਦੇਨਜ਼ਰ ਸ਼ਹਿਰ ਅਤੇ ਇਸ ਦੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਇਸੇ ਦੌਰਾਨ ਪਟਨਾ, ਵਾਰਨਸੀ ਅਤੇ ਰਾਂਚੀ ਵਿੱਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਬਿਹਾਰ, ਜੰਮੂ-ਕਸ਼ਮੀਰ ਤੇ ਹੋਰ ਸੂਬਿਆਂ ਵਿੱਚ ਅਗਨੀਪਥ ਸਕੀਮ ਖ਼ਿਲਾਫ਼ ਪ੍ਰਦਰਸ਼ਨ ਵੀ ਹੋਇਆ ਹੈ। ਪੁਲੀਸ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸੀਨੀਅਰ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛ ਪੜਤਾਲ ਖ਼ਿਲਾਫ਼ ਪਾਰਟੀ ਦੇ ਵਿਰੋਧ ਦੇ ਮੱਦੇਨਜ਼ਰ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਖੁਫੀਆ ਜਾਣਕਾਰੀ ਦੇ ਅਨੁਸਾਰ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਦੇ ਰੇਲਵੇ ਸਟੇਸ਼ਨਾਂ ’ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਸਰਕਾਰੀ ਰੇਲਵੇ ਪੁਲਿਸ ਬਲ (ਜੀ.ਆਰ.ਪੀ.ਐੱਫ.) ਵੀ ਗੁਆਂਢੀ ਰਾਜਾਂ ਵਿੱਚ ਆਪਣੀਆਂ ਇਕਾਈਆਂ ਨਾਲ ਤਾਲਮੇਲ ਕਰ ਰਿਹਾ ਹੈ। ਆਵਾਜਾਈ ਚੱਲ ਰਹੀ ਹੈ ਅਤੇ ਦਿੱਲੀ ਵਿੱਚ ਕੋਈ ਬੰਦ ਨਹੀਂ ਹੈ।