ਨਵੀਂ ਦਿੱਲੀ, 10 ਦਸੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਭਾਰਤ ਵਿਸ਼ਵ ਪੱਧਰ ’ਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਆਪਣੇ ਭਾਈਵਾਲਾਂ ਨਾਲ ਕੰਮ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਇਹ ਟਿੱਪਣੀ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਜਮਹੂਰੀਅਤ ਬਾਰੇ ਕਰਵਾੲੇ ਸੰਮੇਲਨ ਵਿੱਚ ਹਿੱਸਾ ਲੈਣ ਬਾਰੇ ਟਵੀਟ ਕੀਤੀ। ਉਨ੍ਹਾਂ ਕਿਹਾ,‘ਰਾਸ਼ਟਰਪਤੀ ਬਾਇਡਨ ਦੇ ਸੱਦੇ ‘ਤੇ ਲੋਕਤੰਤਰ ਲਈ ਸੰਮੇਲਨ ਵਿੱਚ ਹਿੱਸਾ ਲੈ ਕੇ ਖੁਸ਼ ਹਾਂ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਭਾਰਤ ਬਹੁ-ਪੱਖੀ ਮੰਚਾਂ ਸਮੇਤ ਵਿਸ਼ਵ ਪੱਧਰ ’ਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਆਪਣੇ ਭਾਈਵਾਲਾਂ ਨਾਲ ਕੰਮ ਕਰਨ ਲਈ ਤਿਆਰ ਹੈ।’ ਸ੍ਰੀ ਮੋਦੀ ਨੇ ਕਿਹਾ ਕਿ ਤਕਨਾਲੋਜੀ ਫਰਮਾਂ ਨੂੰ ਲੋਕਤੰਤਰੀ ਸਮਾਜ ਨੂੰ ਸੁਰੱਖਿਅਤ ਰੱਖਣ ਲਈ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂਕਿ ਤਕਨਾਲੋਜੀ ਲੋਕਤੰਤਰ ਨੂੰ “ਸਕਾਰਾਤਮਕ ਜਾਂ ਨਕਾਰਾਤਮਕ” ਤੌਰ ‘ਤੇ ਪ੍ਰਭਾਵਤ ਕਰਨ ਦੀ ਸਮਰੱਥਾ ਰੱਖਦੀ ਹੈ।