ਚੰਡੀਗੜ੍ਹ, 25 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਵਿਵਾਦਿਤ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਂਗਰਸੀ ਵਿਧਾਇਕਾਂ ਵੱਲੋਂ ਵਿੱਢੀ ਲੜਾਈ ਵਿੱਚ ਮੰਤਰੀਆਂ ਦੀ ਸ਼ਮੂਲੀਅਤ ਦੇ ਆਸਾਰ ਬਣ ਗਏ ਹਨ। ਮਜੀਠੀਆ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਭਲਕੇ ਮਾਝਾ ਖਿੱਤੇ ਨਾਲ ਸਬੰਧਤ ਕਾਂਗਰਸੀ ਵਿਧਾਇਕ ਅੰਮ੍ਰਿਤਸਰ ਵਿੱਚ ਇਕੱਠੇ ਹੋ ਰਹੇ ਹਨ। ਮੀਟਿੰਗ ਲਈ ਇਸੇ ਖੇਤਰ ਨਾਲ ਸਬੰਧਤ ਮੰਤਰੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਸੂਤਰਾਂ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਭਲਕੇ ਹੋਣ ਵਾਲੀ ਮੀਟਿੰਗ ’ਚ ਸ਼ਮੂਲੀਅਤ ਕਰਨ ਦੀ ਪੁਸ਼ਟੀ ਕੀਤੀ ਹੈ ਜਦੋਂ ਕਿ ਦੋ ਹੋਰਨਾਂ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਅਰੁਣਾ ਚੌਧਰੀ ਦੇ ਰੁਖ਼ ਬਾਰੇ ਅਜੇ ਕੋਈ ਜਾਣਕਾਰੀ ਹਾਸਲ ਨਹੀਂ ਹੋਈ। ਮੀਟਿੰਗ ਵਿੱਚ ਦਰਜਨ ਤੋਂ ਵੱਧ ਵਿਧਾਇਕਾਂ ਦੇ ਸ਼ਾਮਲ ਹੋਣ ਦੇ ਆਸਾਰ ਹਨ। ਕਾਂਗਰਸੀ ਹਲਕਿਆਂ ਮੁਤਾਬਕ 7 ਵਿਧਾਇਕਾਂ ਨੇ ਲੰਘੇ ਐਤਵਾਰ ਨੂੰ ਅਜਨਾਲਾ ਤੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਘਰ ਮੀਟਿੰਗ ਕੀਤੀ ਸੀ। ਮੀਟਿੰਗ ’ਚ ਸ਼ਾਮਲ ਇੱਕ ਵਿਧਾਇਕ ਨੇ ਦੱਸਿਆ ਕਿ ਐਤਵਾਰ ਨੂੰ ਹੋਈ ਚਰਚਾ ਵਿੱਚ ਵੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਾਜ਼ਰ ਸਨ। ਇਹ ਮੀਟਿੰਗ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਬੁਲਾਈ ਸੀ। ਬਿਕਰਮ ਮਜੀਠੀਆ ਖ਼ਿਲਾਫ਼ ਕਾਂਗਰਸੀ ਵਿਧਾਇਕਾਂ ਦੀ ਹੋ ਰਹੀ ਲਾਮਬੰਦੀ ’ਚ ਮੰਤਰੀਆਂ ਦੀ ਸ਼ਮੂਲੀਅਤ ਨੇ ਇਸ ਸਿਆਸੀ ਲੜਾਈ ਨੂੰ ਹੋਰ ਤਿੱਖਾ ਬਣਾ ਦਿੱਤਾ ਹੈ।
ਸੂਤਰਾਂ ਮੁਤਾਬਕ ਮਾਝੇ ਨਾਲ ਸਬੰਧਤ ਵਿਧਾਇਕਾਂ ਵੱਲੋਂ ਭਲਕੇ ਅੰਮ੍ਰਿਤਸਰ ਵਿੱਚ ਮੀਟਿੰਗ ਤੋਂ ਬਾਅਦ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 40 ਵਿਧਾਇਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜੇ ਪੱਤਰ ਰਾਹੀਂ ਮੰਗ ਕੀਤੀ ਸੀ ਕਿ ਬਿਕਰਮ ਸਿੰਘ ਮਜੀਠੀਆ ਖਿਲਾਫ਼ ਕਾਰਵਾਈ ਕੀਤੀ ਜਾਵੇ। ਮੁੱਖ ਮੰਤਰੀ ਸਾਬਕਾ ਅਕਾਲੀ ਮੰਤਰੀ ਖ਼ਿਲਾਫ਼ ਕਾਰਵਾਈ ਨਾ ਕਰਨ ਦੀ ਗੱਲ ਆਖ ਕੇ ਇੱਕ ਵਾਰੀ ਤਾਂ ਵਿਧਾਇਕਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਦਾ ਯਤਨ ਕਰ ਚੁੱਕੇ ਹਨ। ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਇੱਕ ਕਾਂਗਰਸੀ ਵਿਧਾਇਕ ਦਾ ਕਹਿਣਾ ਹੈ ਕਿ ਸਾਰੇ ਵਿਧਾਇਕ ਗੁਰਦਾਸਪੁਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਕਰਕੇ ਚੁੱਪ ਸਨ ਕਿਉਂਕਿ ਆਪਸੀ ਲੜਾਈ ਦਾ ਪਾਰਟੀ ਦੇ ਉਮੀਦਵਾਰ ਦੀ ਚੋਣ ਮੁਹਿੰਮ ’ਤੇ ਅਸਰ ਪੈ ਸਕਦਾ ਸੀ। ਪੰਜਾਬ ਵਿੱਚ ਸੱਤਾ ਤਬਦੀਲੀ ਤੋਂ ਬਾਅਦ ਵੀ ਪੁਲੀਸ ਮੁਖੀ ਨੂੰ ਤਬਦੀਲ ਨਾ ਕਰਨ ਅਤੇ ਜ਼ਿਆਦਾਤਰ ਪੁਲੀਸ ਅਫ਼ਸਰ ਬਾਦਲਾਂ ਦੀ ਸਰਪ੍ਰਸਤੀ ਵਾਲੇ ਹੀ ਅਹੁਦਿਆਂ ’ਤੇ ਰੱਖਣ ਕਾਰਨ ਵੀ ਕਾਂਗਰਸੀ ਵਿਧਾਇਕਾਂ ’ਚ ਸਰਕਾਰ ਪ੍ਰਤੀ ਨਾਰਾਜ਼ਗੀ ਹੈ।