ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਵਿਜੀਲੈਂਸ ਟੀਮ ਵੱਲੋਂ ਮਜੀਠੀਆ ਨੂੰ ਅੱਜ ਹਿਮਾਚਲ ਲਿਜਾਇਆ ਜਾਵੇਗਾ। ਮਜੀਠੀਆ ਨੂੰ ਤਸਦੀਕ ਲਈ ਵੱਖ-ਵੱਖ ਥਾਵਾਂ ‘ਤੇ ਲਿਜਾਇਆ ਜਾਵੇਗਾ। ਇਸ ਤੋਂ ਪਹਿਲਾਂ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਤੋਂ ਲੈ ਕੇ ਪੀਏ ਤਲਬੀਰ ਸਿੰਘ ਗਿੱਲ ਆਪਣੇ ਬਿਆਨ ਵਿਜੀਲੈਂਸ ਨੂੰ ਦਰਜ ਕਰਵਾ ਚੁੱਕੇ ਹਨ। ਅੱਜ ਵਿਜੀਲੈਂਸ ਮਜੀਠੀਆ ਨੂੰ ਪੰਜਾਬ ਤੇ ਹਿਮਾਚਲ ਵਿਚ ਕਈ ਟਿਕਾਣਿਆਂ ‘ਤੇ ਲੈ ਕੇ ਜਾਵੇਗੀ। ਇਸ ਲਈ ਟੀਮ ਕਈ ਗੱਡੀਆਂ ਦੇ ਕਾਫਲੇ ਵਿਚ ਰਵਾਨਾ ਹੋ ਗਈ ਹੈ। ਅੱਜ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ‘ਤੇ ਲਿਜਾ ਕੇ ਤਸਦੀਕ ਕਰਵਾਈ ਜਾਵੇਗੀ।
ਦੱਸ ਦੇਈਏ ਕਿ ਮਜੀਠੀਆ ਨੂੰ 25 ਜੂਨ ਨੂੰ ਆਮਦਨ ਤੋਂ ਵੱਧ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਬੀਤੇ ਦਿਨੀਂ ਮਜੀਠੀਆ ਨੂੰ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ, ਐਸਆਈਟੀ ਅਤੇ ਵਿਜੀਲੈਂਸ ਬਿਊਰੋ ਵੱਲੋਂ 22 ਵਿਅਕਤੀਆਂ ਦੀਆਂ 03 ਥਾਵਾਂ ‘ਤੇ ਤਲਾਸ਼ੀ ਅਤੇ ਜ਼ਬਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 30 ਤੋਂ ਵੱਧ ਮੋਬਾਈਲ ਫੋਨ, 05 ਲੈਪਟਾਪ, 03 ਆਈਪੈਡ, 02 ਡੈਸਕਟਾਪ, ਕਈ ਡਾਇਰੀਆਂ, ਕਈ ਜਾਇਦਾਦ ਦਸਤਾਵੇਜ਼ ਅਤੇ ਸਰਾਇਆ ਇੰਡਸਟਰੀਜ਼ ਦੇ ਕਈ ਦਸਤਾਵੇਜ਼ ਬਰਾਮਦ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਬਣਦੀ ਪ੍ਰਕਿਰਿਆ ਦੀ ਪਾਲਣਾ ਕਰਨ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ, ਤਲਾਸ਼ੀਆਂ ਅਤੇ ਜ਼ਬਤੀਆਂ ਕੀਤੀਆਂ ਜਾਣਗੀਆਂ।