ਮਣੀਪੁਰ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ ਗਿਆ ਹੈ। ਹਾਲ ਹੀ ਵਿੱਚ ਮੁੱਖ ਮੰਤਰੀ ਬੀਰੇਨ ਸਿੰਘ ਨੇ ਅਸਤੀਫਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਹੀ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਸੂਬੇ ‘ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾ ਸਕਦਾ ਹੈ। ਮਣੀਪੁਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਐੱਨ. ਬੀਰੇਨ ਸਿੰਘ ਦੇ ਅਸਤੀਫੇ ਤੋਂ ਚਾਰ ਦਿਨ ਬਾਅਦ ਵੀ ਸੂਬੇ ਦੀ ਸਿਆਸੀ ਸਥਿਤੀ ਅਨਿਸ਼ਚਿਤ ਬਣੀ ਹੋਈ ਹੈ ਅਤੇ ਸੱਤਾਧਾਰੀ ਭਾਜਪਾ ਨੇ ਅਜੇ ਵੀ ਨਵੇਂ ਆਗੂ ਬਾਰੇ ਫੈਸਲਾ ਨਹੀਂ ਕੀਤਾ ਹੈ।

ਮੁੱਖ ਮੰਤਰੀ ਐਨ ਬੀਰੇਨ ਸਿੰਘ ਨੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਵਿਧਾਨ ਸਭਾ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਕੇਂਦਰੀ ਸ਼ਾਸਨ ਦਾ ਐਲਾਨ ਕਰਦੇ ਹੋਏ ਗ੍ਰਹਿ ਮੰਤਰਾਲੇ ਨੇ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਹੈ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਵਿਚਾਰ ਹੈ ਕਿ ‘ਅਜਿਹੀ ਸਥਿਤੀ ਪੈਦਾ ਹੋ ਗਈ ਹੈ ਜਿਸ ਵਿੱਚ ਉਸ ਰਾਜ ਦੀ ਸਰਕਾਰ ਸੰਵਿਧਾਨ ਦੇ ਉਪਬੰਧਾਂ ਅਨੁਸਾਰ ਨਹੀਂ ਚਲਾਈ ਜਾ ਸਕਦੀ।’

ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, ‘ਹੁਣ ਸੰਵਿਧਾਨ ਦੇ ਅਨੁਛੇਦ 356 ਰਾਹੀਂ ਪ੍ਰਦਾਨ ਕੀਤੀਆਂ ਗਈਆਂ ਸ਼ਕਤੀਆਂ ਅਤੇ ਇਸ ਪੱਖ ਵਿੱਚ ਮੈਨੂੰ ਸਮਰੱਥ ਬਣਾਉਣ ਵਾਲੀਆਂ ਹੋਰ ਸਾਰੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਮੈਂ ਐਲਾਨ ਕਰਦੀ ਹਾਂ ਕਿ ਮੈਂ, ਭਾਰਤ ਦੇ ਰਾਸ਼ਟਰਪਤੀ ਦੇ ਰੂਪ ਵਿੱਚ, ਮਨੀਪੁਰ ਰਾਜ ਦੀ ਸਰਕਾਰ ਦੇ ਸਾਰੇ ਕਾਰਜ ਅਤੇ ਉਸ ਰਾਜ ਦੇ ਰਾਜਪਾਲ ਰਾਹੀਂ ਨਿਯਤ ਜਾਂ ਵਰਤੀਆਂ ਗਈਆਂ ਸਾਰੀਆਂ ਸ਼ਕਤੀਆਂ ਨੂੰ ਗ੍ਰਹਿਣ ਕਰਦੀ ਹਾਂ।’