ਨਵੀਂ ਦਿੱਲੀ/ਇੰਫਾਲ:ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਨੀਪੁਰ ਦੇ ਵਿਗੜੇ ਹਾਲਾਤ ’ਤੇ ਵਿਚਾਰ ਵਟਾਂਦਰੇ ਲਈ 24 ਜੂਨ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਗ੍ਰਹਿ ਮੰਤਰਾਲੇ ਦੇ ਤਰਜਮਾਨ ਨੇ ਇਹ ਜਾਣਕਾਰੀ ਦਿੱਤੀ। ਉਧਰ ਬਿਸ਼ਨੂਪੁਰ ਜ਼ਿਲ੍ਹੇ ਦੇ ਕਵਾਤਕਾ ਇਲਾਕੇ ਵਿੱਚ ਇੱਕ ਪੁਲੀ ’ਤੇ ਖੜ੍ਹੀ ਐੱਸਯੂਵੀ ਵਿੱਚ ਹੋਏ ਧਮਾਕੇ ਵਿੱਚ ਤਿੰਨ ਨਾਗਰਿਕ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਕ ਐੱਸਯੂਵੀ ਵਿੱਚ ਸਵਾਰ ਡਰਾਈਵਰ ਜਿਓਂ ਹੀ ਵਾਹਨ ਵਿੱਚੋਂ ਉਤਰਿਆ ਤਾਂ ਜ਼ੋਰਦਾਰ ਧਮਾਕਾ ਹੋ ਗਿਆ। ਇਸ ਦੌਰਾਨ ਮਨੀਪੁਰ ਵਿੱਚ ਦੋ ਥਾਵਾਂ ’ਤੇ ਬੀਤੀ ਰਾਤ ਰੁਕ-ਰੁਕ ਕੇ ਗੋਲੀਬਾਰੀ ਦੀਆਂ ਰਿਪੋਰਟਾਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮਨੀਪੁਰ ਪੂਰਬੀ ਦੇ ਥੰਗਜਿੰਗ ਵਿੱਚ ਰਾਤ ਨੂੰ ਰੁਕ-ਰੁਕ ਕੇ ਗੋਲੀਬਾਰੀ ਹੋਈ ਹੈ। ਉਨ੍ਹਾਂ ਮੁਤਾਬਕ 15-20 ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ।