ਪਾਤੜਾਂ : ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਚੱਲ ਰਹੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਤੋਂ ਹਰਿਆਣਾ-ਪੰਜਾਬ ਦੇ ਢਾਬੀ ਗੁਜਰਾਂ ਬਾਰਡਰ ’ਤੇ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਸਨ, ਪਰ ਉਧਰ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਕਿਸਾਨ ਆਗੂ ਨੂੰ ਅੱਜ ਤੜਕਸਾਰ ਢਾਬੀ ਗੁਜਰਾਂ ਬਾਰਡਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਘਟਨਾ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪ੍ਰਸ਼ਾਸਨ ਸਥਿਤੀ ਉੱਤੇ ਤਿੱਖੀ ਨਜ਼ਰ ਰੱਖਣ ਦੇ ਨਾਲ ਨਾਲ ਵੱਡੀ ਪੱਧਰ ਉੱਤੇ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਹਨ। ਕੁਝ ਕਿਸਾਨਾਂ ਨੇ ਦੱਸਿਆ ਹੈ ਕਿ ਵੱਡੀ ਗਿਣਤੀ ਵਿਚ ਪੁਲੀਸ ਕਰਮਚਾਰੀਆਂ ਨੇ ਡੱਲੇਵਾਲ ਨੂੰ ਤੜਕੇ 3.45 ਵਜੇ ਹੀ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਨੂੰ ਚੁੱਕਣ ਆਏ ਕਈ ਪੁਲੀਸ ਮੁਲਾਜ਼ਮ ਹਿੰਦੀ ਬੋਲ ਰਹੇ ਸਨ।

ਕਿਸਾਨ ਆਗੂ ਲਖਵਿੰਦਰ ਸਿੰਘ ਸਿਰਸਾ ਨੇ ਉਕਤ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਸਥਿਤੀ ਉੱਤੇ ਵਿਚਾਰ ਵਟਾਂਦਰਾ ਕਰਨ ਲਈ ਕਿਸਾਨ ਆਗੂਆਂ ਦੀ ਹਗਾਮੀ ਮੀਟਿੰਗ ਢਾਬੀ ਗੁਜਰਾਂ ਬਾਰਡਰ ਤੇ ਬੁਲਾ ਲਈ ਗਈ ਹੈ।