ਮੁੰਬਈ, 21 ਜੁਲਾਈ
ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਪਿੰਡ ਇਰਸ਼ਲਾਵਾੜੀ ’ਚ ਮੋਹਲੇਧਾਰ ਮੀਂਹ ਮਗਰੋਂ ਢਿੱਗਾਂ ਡਿੱਗਣ ਕਾਰਨ 16 ਵਿਅਕਤੀ ਮਾਰੇ ਗਏ। ਇਕ ਅਧਿਕਾਰੀ ਨੇ ਕਿਹਾ ਕਿ ਪਿੰਡ ’ਚ 50 ਘਰ ਸਨ ਜਿਨ੍ਹਾਂ ’ਚੋਂ 17 ਮਲਬੇ ਹੇਠਾਂ ਦੱਬ ਗਏ ਹਨ। ਉਧਰ ਰਾਏਗੜ੍ਹ ’ਚ ਮੋਹਲੇਧਾਰ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਪ੍ਰਸ਼ਾਸਨ ਨੇ 2200 ਤੋਂ ਜ਼ਿਆਦਾ ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਹੈ। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਦੱਸਿਆ ਕਿ ਢਿੱਗਾਂ ਬੁੱਧਵਾਰ ਰਾਤ 11 ਵਜੇ ਦੇ ਕਰੀਬ ਡਿੱਗੀਆਂ। ਮੁੱਖ ਮੰਤਰੀ ਨੇ ਅੱਜ ਸਵੇਰੇ ਪਿੰਡ ’ਚ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪਿੰਡ ’ਚ 103 ਲੋਕਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਸ਼ਿੰਦੇ ਨੇ ਕਿਹਾ ਕਿ ਇਹ ਪਿੰਡ ਕਿਸੇ ਖ਼ਤਰੇ ਵਾਲੀ ਸੂਚੀ ’ਚ ਸ਼ਾਮਲ ਨਹੀਂ ਸੀ। ਲਗਾਤਾਰ ਮੋਹਲੇਧਾਰ ਮੀਂਹ ਪੈਣ ਮਗਰੋਂ ਢਿੱਗਾਂ ਡਿੱਗਣ ਕਾਰਨ 15 ਤੋਂ 20 ਫੁੱਟ ਮਲਬਾ ਜਮ੍ਹਾਂ ਹੋ ਗਿਆ ਹੈ। ਬਚਾਅ ਕਾਰਜਾਂ ਲਈ ਦੋ ਹੈਲੀਕਾਪਟਰਾਂ ਦੀਆਂ ਸੇਵਾਵਾਂ ਵੀ ਲਈਆਂ ਗਈਆਂ ਹਨ ਪਰ ਮੌਸਮ ਖ਼ਰਾਬ ਹੋਣ ਕਾਰਨ ਉਹ ਉਡਾਣ ਨਹੀਂ ਭਰ ਸਕੇ। ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਕ ਬਿਆਨ ’ਚ ਕਿਹਾ ਕਿ ਉਥੇ 48 ਪਰਿਵਾਰ ਰਹਿ ਰਹੇ ਸਨ।
ਉਨ੍ਹਾਂ ਕਿਹਾ ਕਿ ਜ਼ਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਸਾਰਾ ਖ਼ਰਚਾ ਸੂਬਾ ਸਰਕਾਰ ਅਦਾ ਕਰੇਗੀ ਅਤੇ ਮ੍ਰਿਤਕਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਐੱਨਡੀਆਰਐੱਫ ਦੀਆਂ ਚਾਰ ਟੀਮਾਂ ਵੀ ਸਥਾਨਕ ਅਧਿਕਾਰੀਆਂ ਨਾਲ ਬਚਾਅ ਕਾਰਜਾਂ ’ਚ ਜੁਟੀਆਂ ਹੋਈਆਂ ਹਨ। ਜ਼ਿਲ੍ਹੇ ’ਚ ਹੁਣ ਤੱਕ 125 ਘਰਾਂ ਨੂੰ ਨੁਕਸਾਨ ਪੁੱਜਿਆ ਹੈ।
ਮੋਹਲੇਧਾਰ ਮੀਂਹ ਕਾਰਨ ਰਾਏਗੜ੍ਹ ਵਿੱਚ 28 ’ਚੋਂ 17 ਡੈਮਾਂ ਅੰਦਰ ਪਾਣੀ ਦਾ ਪੱਧਰ ਵਧਿਆ ਹੋਇਆ ਹੈ। ਜ਼ਿਲ੍ਹੇ ’ਚ ਕਈ ਥਾਵਾਂ ’ਤੇ ਬੀਤੇ 24 ਘੰਟਿਆਂ ਦੇ ਅੰਦਰ 200 ਐੱਮਐੱਮ ਤੋਂ ਜ਼ਿਆਦਾ ਮੀਂਹ ਪਿਆ ਹੈ। –