ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗੋਰੇਗਾਂਵ ਪੁਲਿਸ ਨੂੰ ਇੱਕ ਈਮੇਲ ਮਿਲੀ ਸੀ ਜਿਸ ਵਿੱਚ ਸ਼ਿੰਦੇ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਮੁੰਬਈ ਪੁਲਿਸ ਨੇ ਦੱਸਿਆ ਕਿ ਈਮੇਲ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਭੇਜੀ ਗਈ ਹੈ। ਇਸੇ ਤਰ੍ਹਾਂ ਦੀਆਂ ਈਮੇਲਾਂ ਮਹਾਰਾਸ਼ਟਰ ਸਰਕਾਰ ਦੇ ਮੰਤਰਾਲੇ ਅਤੇ ਜੇਜੇ ਮਾਰਗ ਪੁਲਿਸ ਸਟੇਸ਼ਨ ਨੂੰ ਵੀ ਭੇਜੀਆਂ ਗਈਆਂ ਹਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਧਮਕੀ ਦੇਣ ਵਾਲੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।

ਈਮੇਲ ਵਿੱਚ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਫਿਲਹਾਲ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਕਿਸੇ ਨੇ ਸ਼ਰਾਰਤ ਕੀਤੀ ਹੋ ਸਕਦੀ ਹੈ। ਫਿਲਹਾਲ ਪੁਲਿਸ ਨੇ ਸੁਰੱਖਿਆ ਦੇ ਨਜ਼ਰੀਏ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਇੱਕ ਮਹੀਨਾ ਪਹਿਲਾਂ ਵੀ ਮਿਲੀ ਸੀ ਧਮਕੀ

ਪਿਛਲੇ ਕੁਝ ਦਿਨਾਂ ਤੋਂ ਸਿਆਸੀ ਆਗੂਆਂ ਨੂੰ ਧਮਕੀ ਭਰੇ ਕਾਲ ਅਤੇ ਈਮੇਲ ਆਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।

ਇਸ ਤੋਂ ਪਹਿਲਾਂ ਜਨਵਰੀ 2025 ‘ਚ 24 ਸਾਲਾ ਨੌਜਵਾਨ ਹਿਤੇਸ਼ ਪ੍ਰਕਾਸ਼ ਢੇਂਡੇ ਨੇ ਸੋਸ਼ਲ ਮੀਡੀਆ ‘ਤੇ ਏਕਨਾਥ ਸ਼ਿੰਦੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

ਇਸ ਘਟਨਾ ਤੋਂ ਬਾਅਦ ਠਾਣੇ ਦੇ ਸ਼੍ਰੀਨਗਰ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕਰ ਲਿਆ ਗਿਆ ਅਤੇ ਪੁਲਿਸ ਨੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ।

ਫਿਲਹਾਲ ਏਕਨਾਥ ਸ਼ਿੰਦੇ ਰੇਖਾ ਗੁਪਤਾ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਿਲ ਹੋਣ ਲਈ ਦਿੱਲੀ ਪਹੁੰਚੇ ਹੋਏ ਸਨ। ਮਹਾਰਾਸ਼ਟਰ ਤੋਂ ਫੜਨਵੀਸ, ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਨੇ ਵੀ ਭਾਜਪਾ ਦੇ ਮੰਚ ‘ਤੇ ਹਿੱਸਾ ਲਿਆ। ਪਿਛਲੇ ਕੁਝ ਦਿਨਾਂ ਤੋਂ ਏਕਨਾਥ ਸ਼ਿੰਦੇ ਦੇ ਨਾਰਾਜ਼ ਹੋਣ ਦੀਆਂ ਖਬਰਾਂ ਆ ਰਹੀਆਂ ਸਨ। ਉਹ ਦੇਵੇਂਦਰ ਫੜਨਵੀਸ ਦੀਆਂ ਕਈ ਮੀਟਿੰਗਾਂ ਵਿੱਚ ਸ਼ਾਮਿਲ ਨਹੀਂ ਹੋਏ।