ਨਵੀਂ ਦਿੱਲੀ, ‘ਖਣਨ ਬਾਰੇ ਬਣੀ ਕੈਬਨਿਟ ਸਬ-ਕਮੇਟੀ ਕੇਂਦਰੀ ਮੰਤਰਾਲੇ ਤੇ ਹੋਰ ਰਾਜਾਂ ਦੇ ਸਫ਼ਲ ਤਜਰਬਿਆਂ ਨੂੰ ਘੋਖਣ ਮਗਰੋਂ ਖਣਨ ਬਾਰੇ ਵਿਆਪਕ ਤੇ ਅਸਰਦਾਰ ਰਿਪੋਰਟ ਮੰਤਰੀ ਮੰਡਲ ਨੂੰ ਤੈਅ ਸਮਾਂ ਸੀਮਾ- 21 ਅਪਰੈਲ ਤੱਕ ਸੌਂਪਣ ਲਈ ਪੂਰੀ ਤਰ੍ਹਾਂ ਤਿਆਰ ਹੈ।’ ਇਹ ਖ਼ੁਲਾਸਾ ਕੈਬਨਿਟ ਸਬ ਕਮੇਟੀ ਦੇ ਮੁਖੀ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਖਣਨ ਮੰਤਰਾਲੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਖਣਨ ਮੰਤਰਾਲੇ ਦੇ ਸਕੱਤਰ ਅਨਿਲ ਮੁਕੀਮ ਤੇ ਸੰਯੁਕਤ ਸਕੱਤਰ (ਖਣਨ) ਡਾ. ਐੱਨ.ਕੇ. ਸਿੰਘ ਤੇ ਡਾਇਰੈਕਟਰ ਪ੍ਰਿਥੁਲ ਕੁਮਾਰ ਨਾਲ ਮੀਟਿੰਗ ਕੀਤੀ।
ਸ੍ਰੀ ਸਿੱਧੂ ਨੇ ਕਿਹਾ ਕਿ ਖਣਨ ਬਾਰੇ 13 ਰਾਜਾਂ ਵੱਲੋਂ ਤਿਆਰ ਕੀਤੀ ਅਧਿਐਨ ਰਿਪੋਰਟ ਵੀ ਕੇਂਦਰੀ ਮੰਤਰਾਲੇ ਵੱਲੋਂ ਸਾਂਝੀ ਕੀਤੀ ਗਈ, ਜੋ ਉਨ੍ਹਾਂ ਹਾਸਲ ਕਰ ਲਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੁਝਾਵਾਂ ਅਤੇ ਅਧਿਐਨ ਰਿਪੋਰਟਾਂ ’ਤੇ ਭਲਕੇ ਚੰਡੀਗੜ੍ਹ ਵਿੱਚ ਹੋਣ ਵਾਲੀ ਸਬ ਕਮੇਟੀ ਦੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਗ਼ੈਰ-ਕਾਨੂੰਨੀ ਖਣਨ ‘ਤੇ ਪੂਰੀ ਤਰ੍ਹਾਂ ਕੰਟਰੋਲ ਕਰਨ ਲਈ ਅਤੇ ਸੂਬਾ ਵਾਸੀਆਂ ਦੇ ਹੱਕਾਂ ਦੀ ਰਾਖੀ ਕਰਦੀ ਵਿਆਪਕ ਖਣਨ ਨੀਤੀ ਬਣਾ ਰਹੀ ਹੈ, ਜਿਸ ਨਾਲ ਪੁਰਾਣੀ ਨੀਤੀ ਦੀਆਂ ਖਾਮੀਆਂ ਨੂੰ ਦੂਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਖਣਨ ਬਾਰੇ ਕੈਬਨਿਟ ਸਬ ਕਮੇਟੀ ਵਿੱਚ ਸ੍ਰੀ ਸਿੱਧੂ ਦੇ ਨਾਲ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਮੈਂਬਰ ਹਨ। ਮੀਟਿੰਗ ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕਰਨੇਸ਼ ਸ਼ਰਮਾ ਤੇ ਉਨ੍ਹਾਂ ਦੇ ਸਲਾਹਕਾਰ ਅੰਗਦ ਸਿੰਘ ਸੋਹੀ ਵੀ ਹਾਜ਼ਰ ਸਨ।