ਮੁੰਬਈ, 20 ਸਤੰਬਰ

ਗੀਤਕਾਰ ਜਾਵੇਦ ਅਖ਼ਤਰ ਵੱਲੋਂ ਦਾਇਰ ਕੀਤੀ ਗਈ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ਦੇ ਸਬੰਧ ਵਿਚ ਅਦਾਕਾਰਾ ਕੰਗਣਾ ਰਣੌਤ ਅੱਜ ਮੁੰਬਈ ਦੀ ਇਕ ਅਦਾਲਤ ਵਿਚ ਪੇਸ਼ ਹੋਈ। ਅਦਾਲਤ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਜੇਕਰ ਅਦਾਕਾਰਾ 20 ਸਤੰਬਰ ਨੂੰ ਸੁਣਵਾਈ ਦੀ ਅਗਲੀ ਤਰੀਕ ’ਤੇ ਪੇਸ਼ ਨਹੀਂ ਹੁੰਦੀ ਹੈ ਤਾਂ ਅਦਾਲਤ ਰਣੌਤ ਖ਼ਿਲਾਫ਼ ਵਾਰੰਟ ਜਾਰੀ ਕਰੇਗੀ। ਇਸ ਸਾਲ ਫਰਵਰੀ ਵਿਚ ਸਮਨ ਜਾਰੀ ਹੋਣ ਦੇ ਬਾਅਦ ਤੋਂ ਕੰਗਣਾ ਪਹਿਲੀ ਵਾਰ ਅੱਜ ਮੈਟਰੋਪੋਲੀਟਨ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਹੋਈ। ਜਾਵੇਦ ਅਖ਼ਤਰ (76) ਨੇ ਪਿਛਲੇ ਸਾਲ ਨਵੰਬਰ ਵਿਚ ਅਦਾਲਤ ’ਚ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਦਾਅਵਾ ਕੀਤਾ ਸੀ ਕਿ ਕੰਗਣਾ ਨੇ ਇਕ ਟੀਵੀ ਇੰਟਰਵਿਊ ਵਿਚ ਉਨ੍ਹਾਂ ਖ਼ਿਲਾਫ਼ ਅਪਮਾਨਜਨਕ ਬਿਆਨ ਦਿੱਤਾ ਜਿਸ ਨਾਲ ਉਨ੍ਹਾਂ ਦੇ ਅਕਸ ਨੂੰ ਢਾਹ ਲੱਗੀ ਹੈ।