ਐੱਸਏਐੱਸ ਨਗਰ (ਮੁਹਾਲੀ), 31 ਜੁਲਾਈ

ਸਿੱਖਿਆ ਦੇ ਖੇਤਰ ਵਿੱਚ ਇਨਕਲਾਬ ਲਿਆਉਣ ਦੇ ਉਦੇਸ਼ ਨਾਲ ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈਆਈਐੱਮ) ਅਹਿਮਦਾਬਾਦ ਤੋਂ ਵਿਸ਼ੇਸ਼ ਸਿਖਲਾਈ ਲੈਣ ਲਈ ਸਕੂਲ ਮੁਖੀਆਂ ਦੇ ਪਹਿਲੇ ਬੈਚ ਨੂੰ ਅੱਜ ਇਥੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅੱਜ ਦੇ ਦਿਨ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਕਰਾਰ ਦਿੰਦਿਆਂ ਕਿਹਾ ਕਿ ਜਿੱਥੇ ਪ੍ਰਿੰਸੀਪਲਾਂ ਦਾ ਵਫ਼ਦ ਸਿੰਗਾਪੁਰ ਤੋਂ ਸਿਖਲਾਈ ਲੈ ਕੇ ਵਾਪਸ ਆ ਰਿਹਾ ਹੈ, ਉੱਥੇ ਇਕ ਹੋਰ ਬੈਚ ਆਪਣੀ ਮੁਹਾਰਤ ਨਿਖਾਰਨ ਲਈ ਅਹਿਮਦਾਬਾਦ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪਹਿਲੀ ਤਰਜੀਹ ਹੈ ਤਾਂ ਜੋ ਉਹ ਵਿਸ਼ਵ ਭਰ ਵਿੱਚ ਕਾਨਵੈਂਟ ਸਕੂਲਾਂ ’ਚ ਪੜ੍ਹੇ-ਲਿਖੇ ਵਿਦਿਆਰਥੀਆਂ ਦਾ ਮੁਕਾਬਲਾ ਕਰ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਵੇਂ ਇੱਕ ਤਜਰਬੇਕਾਰ ਅਧਿਆਪਕ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਤਿਆਰ ਕਰਨ ਵਿੱਚ ਸਹਾਈ ਹੋਵੇਗਾ। ‘ਸਿੱਖਿਆ ਖੇਤਰ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਗੁਣਕਾਰੀ ਵਿਦਿਆ ਦੇਣ ਲਈ ਹਰਸੰਭਵ ਯਤਨ ਕੀਤੇ ਜਾਣਗੇ।’ ਉਨ੍ਹਾਂ ਕਲਪਨਾ ਕੀਤੀ ਕਿ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦੇ ਧੁਰੇ ਵਜੋਂ ਉੱਭਰੇਗਾ।

ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨੇ ਸਾਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੁਰਾਣੇ ਆਗੂ ਸੱਤਾ ਹਥਿਆਉਣ ਤੋਂ ਬਾਅਦ ਲੋਕਾਂ ਵਿੱਚ ਜਾਣਾ ਪਸੰਦ ਨਹੀਂ ਕਰਦੇ ਸਨ। ਇਸ ਦੇ ਉਲਟ ਉਹ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਕਿਸੇ ਨਾ ਕਿਸੇ ਸਮਾਗਮ ਵਿੱਚ ਸ਼ਾਮਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ, ਵਿਧਾਇਕ ਕੁਲਵੰਤ ਸਿੰਘ ਤੇ ਕੁਲਜੀਤ ਸਿੰਘ ਰੰਧਾਵਾ, ਚੇਅਰਪਰਸਨ ਪ੍ਰਭਜੋਤ ਕੌਰ, ਡੀਸੀ ਆਸ਼ਿਕਾ ਜੈਨ ਅਤੇ ਹੋਰ ਹਾਜ਼ਰ ਸਨ।