ਸੰਗਰੂਰ, 27 ਜੂਨ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਕੇਅਰ ਸੈਂਟਰਾਂ ਵਿੱਚ ਹੋਰ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਲਈ ਅਤੇ ਕੰਮਕਾਜ ਦੀ ਗੁਣਵੱਤਾ ਦੀ ਨਿਯਮਤ ਜਾਂਚ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ।ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਹਮੇਸ਼ਾਂ ਕੋਸ਼ਿਸ਼ ਰਹਿੰਦੀ ਹੈ ਕਿ ਕੋਵਿਡ ਕੇਅਰ ਸੈਂਟਰ ਘਾਬਦਾਂ ਅਤੇ ਮਾਲੇਰਕੋਟਲਾ ਵਿਖੇ ਦਾਖ਼ਲ ਮਰੀਜ਼ਾਂ ਨੂੰ ਹਰ ਤਰ੍ਹਾਂ ਦੀ ਸੁੱਖ ਸਹੂਲਤ ਮੁਹੱਈਆ ਕਰਵਾਈ ਜਾਵੇ। ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੀ ਜਾਂਚ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿਚ ਉਪ ਮੰਡਲ ਮੈਜਿਸਟਰੇਟ, ਵੱਖ—ਵੱਖ ਵਿਭਾਗਾਂ ਦੇ ਮੁਖੀ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਵੀ ਸ਼ਾਮਲ ਹਨ, ਜੋ ਕਿ ਇਨ੍ਹਾਂ ਸੈਂਟਰਾਂ ਦੇ ਕੰਮਕਾਜ ਦੇਖਣ ਲਈ ਰੋਜ਼ਾਨਾ ਦੇ ਆਧਾਰ ਉੱਤੇ ਦੌਰਾ ਕਰਨਗੇ ਅਤੇ ਸਮੇਂ ਸਮੇਂ ਤੇ ਮਰੀਜ਼ਾਂ ਨਾਲ ਫੋਨ ੋਤੇ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਬਾਰੇ ਜਾਨਣਗੇ । ਉਨ੍ਹਾਂ ਕਿਹਾ ਕਿ ਉਹ ਵੀ ਇਨ੍ਹਾਂ ਸੈਂਟਰਾਂ ਦੇ ਅਚਨਚੇਤ ਦੌਰੇ ਕਰਨਗੇ ਅਤੇ ਖਾਮੀਆਂ ਪਾਏ ਜਾਣ ਦੀ ਸੂਰਤ ਵਿੱਚ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ।ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਰੋਨਾ ਵਾਇਰਸ ਖ਼ਿਲਾਫ਼ ਇਸ ਜੰਗ ਵਿੱਚ ਸਮੂਹ ਜ਼ਿਲ੍ਹਾ ਵਾਸੀ ਆਪਣਾ ਸਹਿਯੋਗ ਦੇਣ ਅਤੇ ਕਿਸੇ ਵੀ ਤਰ੍ਹਾਂ ਦੀ ਅਫਵਾਹ ੋਤੇ ਯਕੀਨ ਨਾ ਕਰਨ ।