ਸ੍ਰੀਨਗਰ, 1 ਸਤੰਬਰ
ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਰਾਤ ਭਰ ਚੱਲੇ ਮੁਕਾਬਲੇ ਦੌਰਾਨ ਜੈਸ਼-ਏ-ਮੁਹੰਮਦ ਦੇ ਦੋ ਅਤਿਵਾਦੀ ਮਾਰੇ ਗਏ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੋਮਈ ਖੇਤਰ ਦੇ ਸੋਪੋਰ ਸ਼ਹਿਰ ਵਿੱਚ ਸੁਰੱਖਿਆ ਬਲਾਂ ਨੇ ਬੁੱਧਵਾਰ ਦੇਰ ਰਾਤ ਤਲਾਸ਼ੀ ਮੁਹਿੰਮ ਆਰੰਭੀ ਸੀ। ਇਸ ਦੌਰਾਨ ਅਤਿਵਾਦੀਆਂ ਨੇ ਜਵਾਨਾਂ ’ਤੇ ਗੋਲੀਆਂ ਦਾਗ਼ਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਮਗਰੋਂ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਦੋ ਅਤਿਵਾਦੀ ਮਾਰੇ ਗਏ। ਇਸ ਦੌਰਾਨ ਗੋਲੀ ਲੱਗਣ ਕਾਰਨ ਇੱਕ ਨਾਗਰਿਕ ਵੀ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਅਤਿਵਾਦੀਆਂ ਦੀ ਪਛਾਣ ਜੈਸ਼-ਏ-ਮੁਹੰਮਦ ਦੇ ਮੈਂਬਰਾਂ ਵਜੋਂ ਹੋਈ ਹੈ। ਕਸ਼ਮੀਰ ਦੇ ਏਡੀਜੀਪੀ ਵਿਜੈ ਕੁਮਾਰ ਨੇ ਟਵੀਟ ਕਰਦਿਆਂ ਕਿਹਾ, ‘‘ਜੈਸ਼ ਦੇ ਦੋ ਅਤਿਵਾਦੀਆਂ ਨੂੰ ਮਾਰ ਮੁਕਾਇਆ, ਜਿਨ੍ਹਾਂ ਦੀ ਪਛਾਣ ਮੁਹੰਮਦ ਰਫ਼ੀ ਵਾਸੀ ਸੋਪੋਰ ਅਤੇ ਕੈਸਰ ਅਸ਼ਰਫ਼ ਵਾਸੀ ਪੁਲਵਾਮਾ ਵਜੋਂ ਹੋਈ ਹੈ। ਰਫ਼ੀ ਖ਼ਿਲਾਫ਼ ਪਹਿਲਾਂ ਵੀ ਪੀਐੱਸਏ ਤਹਿਤ ਦੋ ਕੇਸ ਦਰਜ ਹਨ। ਦੋਵਾਂ ਕਈ ਅਤਿਵਾਦ ਨਾਲ ਸਬੰਧਤ ਕੇਸਾਂ ਵਿੱਚ ਨਾਮਜ਼ਦ ਹਨ। ਇਹ ਦੋਵੇਂ ਅਤਿਵਾਦੀ ਸੋਪੋਰ ਖੇਤਰ ਵਿੱਚ ਲੋਕਾਂ ’ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ।’’ –