ਐੱਸਏਐੱਸ ਨਗਰ (ਮੁਹਾਲੀ), 27 ਅਗਸਤ                                          

ਮੁਹਾਲੀ ਅਦਾਲਤ ਨੇ ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਦੋ ਦਿਨ ਦੀ ਹੋਰ ਆਰਜ਼ੀ ਰਾਹਤ ਦਿੰਦਿਆਂ ਆਪਣਾ ਫੈਸਲਾ 29 ਅਗਸਤ ਤੱਕ ਰਾਖਵਾਂ ਰੱਖ ਲਿਆ ਹੈ। ਇਸ ਤੋਂ ਪਹਿਲਾਂ ਸੈਣੀ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਮੌਕੇ ਬਚਾਅ ਪੱਖ ਦੇ ਵਕੀਲ ਏਪੀਐੱਸ ਦਿਉਲ ਅਤੇ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਵਿੱਚ ਭਖਵੀਂ ਬਹਿਸ ਹੋਈ। ਅਦਾਲਤ ਵਿੱਚ ਸੁਣਵਾਈ ਦੌਰਾਨ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ, ਸਿੱਟ ਦੇ ਮੈਂਬਰ ਡੀਐਸਪੀ (ਡੀ) ਬਿਕਰਮਜੀਤ ਸਿੰਘ ਬਰਾੜ ਹਾਜ਼ਰ ਸਨ। ਸੈਣੀ ਦੇ ਵਕੀਲ ਏਪੀਐਸ ਦਿਉਲ ਨੇ ਅਦਾਲਤ ਨੂੰ ਦੱਸਿਆ ਕਿ ਇਹ 29 ਸਾਲ ਪੁਰਾਣਾ ਕੇਸ ਹੈ। ਇਸ ਸਬੰਧੀ ਪਹਿਲਾਂ ਸੀਬੀਆਈ ਨੇ ਐਫਆਈਆਰ ਦਰਜ ਕੀਤੀ ਪਰ ਕੌਮੀ ਜਾਂਚ ਏਜੰਸੀ ਸੈਣੀ ਦੇ ਖਿਲਾਫ਼ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ ਸੀ। ਜਿਸ ਕਾਰਨ ਸੁਪਰੀਮ ਕੋਰਟ ਨੇ ਐਫਆਈਆਰ ਰੱਦ ਕਰ ਦਿੱਤੀ ਸੀ। ਵੈਸੇ ਵੀ ਮੁਲਤਾਨੀ ‘ਤੇ ਸੈਕਟਰ-17 ਥਾਣੇ ਵਿੱਚ ਤਸ਼ੱਦਦ ਢਾਹੁਣ ਦੀ ਗੱਲ ਕਹੀ ਹੈ। ਇਸ ਤਰ੍ਰਾਂ ਤਿੰਨ ਦਹਾਕੇ ਪੁਰਾਣੇ ਕੇਸ ਵਿੱਚ ਮੁਹਾਲੀ ਦੇ ਮਟੌਰ ਥਾਣੇ ਵਿੱਚ ਨਵੇਂ ਸਿਰਿਓਂ ਕੇਸ ਦਰਜ ਕਰਨ ਦੀ ਕੋਈ ਤੁਕ ਨਹੀਂ। ਲਿਹਾਜ਼ਾ ਸਾਬਕਾ ਪੁਲੀਸ ਅਧਿਕਾਰੀ ਨੂੰ ਪੱਕੀ ਜ਼ਮਾਨਤ ਦਿੱਤੀ ਜਾਵੇ। ਸ੍ਰੀ ਨਰੂਲਾ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸਾਬਕਾ ਡੀਜੀਪੀ ‘ਤੇ ਮੁਹਾਲੀ ’ਚੋਂ ਨੌਜਵਾਨ ਨੂੰ ਘਰੋਂ ਅਗਵਾ ਕਰਨ ਅਤੇ ਬਾਅਦ ਵਿੱਚ ਭੇਤਭਰੀ ਹਾਲਤ ਵਿੱਚ ਗਾਇਬ ਕਰਨ ਦੇ ਦੋਸ਼ ਹਨ। ਪਿਛਲੇ ਦਿਨੀਂ ਮੁਹਾਲੀ ਅਦਾਲਤ ਦੇ ਹੁਕਮਾਂ ‘ਤੇ ਸੈਣੀ ਤੇ ਹੋਰਨਾਂ ਮੁਲਜ਼ਮਾਂ ਖਿਲਾਫ਼ ਧਾਰਾ 302 ਦੇ ਜੁਰਮ ਦਾ ਵਾਧਾ ਕੀਤਾ ਗਿਆ ਹੈ।ਇਸ ਮਾਮਲੇ ਵਿੱਚ ਸੈਣੀ ਦੀ ਗ੍ਰਿਫ਼ਤਾਰੀ ਜ਼ਰੂਰੀ ਹੈ। ਇਸ ਲਈ ਉਹਨਾਂ ਨੂੰ ਜ਼ਮਾਨਤ ਨਾ ਦਿੱਤੀ ਜਾਵੇ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਸੁਣਨ ਤੋਂ ਬਾਅਦ ਸੈਣੀ ਨੂੰ ਦੋ ਦਿਨ ਦੀ ਆਰਜ਼ੀ ਰਾਹਤ ਦਿੰਦਿਆਂ ਜ਼ਮਾਨਤ ਬਾਰੇ ਆਪਣਾ ਫੈਸਲਾ 29 ਅਗਸਤ ਤੱਕ ਰਾਖਵਾਂ ਰੱਖ ਲਿਆ।