ਮੁਹਾਲੀ, 7 ਜਨਵਰੀ
ਹਵਾਰਾ ਕਮੇਟੀ, ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਨੇ ਹੱਡ ਚੀਰਵੀਂ ਠੰਢ ਵਿੱਚ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪ ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਦਾਰ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਲਈ ਅੱਜ ਵਿਸ਼ਾਲ ਪ੍ਰਦਰਸ਼ਨ ਕੀਤਾ। ਜਥੇਬੰਦੀਆਂ ਦੇ ਮੈਂਬਰ ਤੇ ਸਮਰਥਕ ਅੱਜ ਸਵੇਰੇ ਹੀ ਸਿੱਖ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ ਅਤੇ ਦੁਪਹਿਰ 12 ਵਜੇ ਤੱਕ ਵੱਡੀ ਭੀੜ ਜਮ੍ਹਾਂ ਹੋ ਗਈ। ਇੱਥੇ ਵੱਖੋ-ਵੱਖ ਆਗੂਆਂ ਨੇ ਸਿੱਖ ਮਸਲਿਆਂ ‘ਤੇ ਵਿਚਾਰਾਂ ਕੀਤੀਆਂ। ਇਸ ਤੋਂ ਬਾਅਦ ਸਿੱਖਾਂ ਨੇ ਚੰਡੀਗੜ੍ਹ ਵੱਲ ਕੂਚ ਕਰਨ ਲਈ ਜੈਕਾਰੇ ਛੱਡਦੇ ਹੋਏ ਰੋਸ ਮਾਰਚ ਸ਼ੁਰੂ ਕਰ ਦਿੱਤਾ। ਇਸ ਦੌਰਾਨ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਯੂਟੀ ਪੁਲੀਸ ਨੇ ਜਬਰਦਸਤ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕ ਲਿਆ, ਜਿਸ ਕਾਰਨ ਰੋਹ ਵਿੱਚ ਆਏ ਸਿੱਖ ਉੱਥੇ ਸੜਕ ‘ਤੇ ਧਰਨਾ ਲਗਾ ਕੇ ਬੈਠ ਗਏ।