ਨਵੀਂ ਦਿੱਲੀ, 25 ਜਨਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਵਿੱਚ ਇਕ ਸੜਕ ਹਾਦਸੇ ਵਿੱਚ 7 ਵਿਦਿਆਰਥੀਆਂ ਦੀ ਮੌਤ ’ਤੇ ਮੰਗਲਵਾਰ ਨੂੰ ਦੁੱਖ ਪ੍ਰਗਟਾਇਆ ਅਤੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਜ਼ਿਲ੍ਹੇ ਦੇ ਸੇਲਸੁਰਾ ਪਿੰਡ ਵਿੱਚ ਸੋਮਵਾਰ ਦੇਰ ਰਾਤ ਇਕ ਕਾਰ ਪੁਲ ਤੋਂ ਹੇਠਾਂ ਡਿੱਗ ਗਈ ਸੀ ਜਿਸ ਕਾਰਨ ਉਸ ਵਿੱਚ ਸਵਾਰ ਭਾਜਪਾ ਆਗੂ ਦੇ ਪੁੱਤਰ ਸਣੇ 7 ਮੈਡੀਕਲ ਵਿਦਿਆਰਥੀਆਂ ਦੀ ਮੌਤ ਹੋ ਗਈ ਸੀ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਟਵੀਟ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੇ ਮਹਾਰਾਸ਼ਟਰ ਦੇ ਸੇਲਸੁਰਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਵਿਦਿਆਰਥੀਆਂ ਦੇ ਮਾਰੇ ਜਾਣ ’ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ, ‘‘ਦੁੱਖ ਦੇ ਇਸ ਸਮੇਂ ਵਿੱਚ ਮੇਰੀਆਂ ਸੰਵੇਦਨਾਵਾਂ ਪੀੜਤ ਪਰਿਵਾਰ ਨਾਲ ਹਨ। ਮੈਂ ਜ਼ਖ਼ਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ। ’’ ਪੀਐਓ ਨੇ ਕਿਹਾ ਕਿ ਘਟਨਾ ਵਿੱਚ ਮਾਰੇ ਗਏ ਹਰ ਵਿਅਕਤੀ ਦੇ ਨੇੜਲੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਹਤ ਕੋਸ਼ ਤੋਂ ਦੋ ਲੱਖ ਰੁਪਏ ਮੁਆਵਜ਼ਾ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।