ਮਾਨਸਾ, 6 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ (ਮੀਡੀਆ) ਮਨਜੀਤ ਸਿੰਘ ਸਿੱਧੂ ਦੀ ਅੱਜ ਇਥੇ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਹੋਈ, ਜਿਸ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਬਿਨਾਂ ਸ਼ਰਤ ਰਿਹਾਈ ਸਮੇਤ ਹੋਰ ਮੰਗਾਂ ਨੂੰ ਬਾਰੇ ਦੋ ਮਹੀਨਿਆਂ ਤੋਂ ਉਲਝੀ ਤਾਣੀ ਨੂੰ ਸੁਲਝਾਇਆ ਗਿਆ।

ਇਸ ਮੌਕੇ ‘ਆਪ’ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਤੇ ਮਾਰਕੀਟ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸਮੇਤ ਮਾਨਸਾ ਦੇ ਐਸਐਸਪੀ ਡਾ. ਨਾਨਕ ਸਿੰਘ ਵੀ ਮੌਜੂਦ ਸਨ ਜਦੋਂ ਕਿ ਐਕਸ਼ਨ ਕਮੇਟੀ ਵੱਲੋਂ ਕਨਵੀਨਰ ਰਾਜਵਿੰਦਰ ਸਿੰਘ ਰਾਣਾ ਤੇ ਹੋਰ ਆਗੂ ਸ਼ਾਮਲ ਹੋਏ। ਮਨਜੀਤ ਸਿੰਘ ਸਿੱਧੂ ਨੇ ਕਿਹਾ ਕਿ ਪਰਵਿੰਦਰ ਸਿੰਘ ਨੂੰ ਕਾਨੂੰਨੀ ਅੜਚਨਾਂ ਦੂਰ ਕਰਦੇ ਹੋਏ ਜਲਦੀ ਹੀ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਪਰਵਿੰਦਰ ਦਾ ਮਨੋਰਥ ਮਾੜਾ ਨਹੀਂ ਸੀ ਪਰ ਕਾਨੂੰਨ ਹੱਥ ’ਚ ਲੈਣ ਦਾ ਢੰਗ ਗਲਤ ਸੀ।

ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਪ੍ਰਫੁੱਲਤ ਕਰਨ ਵਾਲੇ ਪੁਲੀਸ ਅਧਿਕਾਰੀਆਂ ਤੇ ਪਰਵਿੰਦਰ ਸਿੰਘ ’ਤੇ ਪਰਚੇ ਦਰਜ ਕਰਨ ਵਾਲੇ ਕਰਮਚਾਰੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਵਿਧਾਇਕ ਬੁੱਧਰਾਮ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਐਕਸ਼ਨ ਕਮੇਟੀ ਨੂੰ ਕਿਹਾ ਕਿ ਪੰਜਾਬ ’ਚ ਕੋਈ ਵੀ ਵਿਅਕਤੀ ‘ਆਪ’ ਦੇ ਕਿਸੇ ਆਗੂ ਨੂੰ ਨਸ਼ਿਆਂ ਦੀ ਤਸਕਰੀ ’ਚ ਸਿੱਧ ਕਰ ਦੇਵੇ, ਉਸ ਨੂੰ ਬਾਹਰ ਦਾ ਰਸਤਾ ਵਿਖਾਇਆ ਜਾਵੇਗਾ।