ਹੁਸ਼ਿਆਰਪੁਰ, 9 ਸਤੰਬਰ

ਪੰਜਾਬ ਕਾਂਗਰਸ ਵੱਲੋਂ ਅੱਜ ਹੁਸ਼ਿਆਰਪੁਰ ਵਿੱਚ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਦੀ ਲਾਪ੍ਰਵਾਹੀ ਕਾਰਨ ਨਸ਼ਿਆਂ ਦੀ ਸਮੱਸਿਆ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਨਸ਼ਿਆਂ ਕਾਰਨ ਇੱਥੋਂ ਦੀ ਜਵਾਨੀ ਮੌਤ ਦੇ ਮੂੰਹ ’ਚ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁਫ਼ਤ ਬਿਜਲੀ, ਰਾਸ਼ਨ ਅਤੇ ਮੁਹੱਲਾ ਕਲੀਨਿਕਾਂ ਤੋਂ ਬਿਨਾਂ ਰਹਿ ਸਕਦੇ ਹਨ ਪਰ ਜੇਕਰ ਨੌਜਵਾਨ ਪੀੜ੍ਹੀ ਹੀ ਖ਼ਤਮ ਹੋ ਗਈ ਤਾਂ ਇਹ ਮੁਫਤ ਸਹੂਲਤਾਂ ਕਿਸ ਕੰਮ ਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਗੰਭੀਰ ਸਮੱਸਿਆ ’ਤੇ ਵਿਚਾਰ ਵਟਾਂਦਰਾ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਵੇ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਸ਼ਾਮਿਲ ਕਰਕੇ ਨਸ਼ਿਆਂ ਦਾ ਖਾਤਮਾ ਕਰਨ ਲਈ ਕੋਈ ਪੁਖਤਾ ਕਦਮ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਤਿੰਨ ਮਹੀਨੇ ਵਿੱਚ ਨਸ਼ਿਆਂ ਦਾ ਖਾਤਮਾ ਕਰਨ ਦਾ ਦਾਅਵਾ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸ਼ਿਆਂ ਨੂੰ ਖ਼ਤਮ ਕਰਨ ਦੀ ਕੋਈ ਫਿਕਰ ਨਹੀਂ। ਸਰਕਾਰ ਨੇ ਨਸ਼ਿਆਂ ਨੂੰ ਰੋਕਣਾ ਤਾਂ ਕੀ ਹੈ ਬਲਕਿ ਔਰਤਾਂ ਲਈ ਠੇਕੇ ਖੋਲ੍ਹ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦਵਾਈਆਂ ਵਾਲੀਆਂ ਦੁਕਾਨਾਂ ’ਤੇ ਨਸ਼ੇ ਮਿਲਣਾ ਚਿੰਤਾ ਦਾ ਵਿਸ਼ਾ ਹਨ ਪਰ ਇਹ ਸਰਕਾਰ ਤੇ ਪੰਜਾਬ ਪੁਲੀਸ ਦੀ ਮਿਲੀਭੁਗਤ ਤੋਂ ਬਿਨਾਂ ਨਹੀਂ ਹੋ ਸਕਦਾ। ਜੇਕਰ ਨਸ਼ਿਆਂ ਦਾ ਰੁਝਾਨ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਪੰਜਾਬ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ’ਤੇ ਹੱਥ ਰੱਖ ਕੇ ਨਸ਼ਿਆਂ ਨੂੰ ਖਤਮ ਕਰਨ ਲਈ ਝੂਠੀ ਸਹੁੰ ਖਾਧੀ ਸੀ ਅਤੇ ਫਿਰ ਆਮ ਆਦਮੀ ਪਾਰਟੀ ਨਸ਼ਿਆਂ ਦੇ ਖਾਤਮੇ ਦਾ ਦਾਅਵਾ ਕਰਕੇ ਸੱਤਾ ਵਿਚ ਆਈ। ਉਨ੍ਹਾਂ ਕਿਹਾ ਕਿ ਜਿਸ ਵਾਅਦੇ ਨਾਲ ਸਰਕਾਰ ਨੂੰ 92 ਸੀਟਾਂ ਮਿਲੀਆਂ ਉਹ ਆਪਣਾ ਵਾਅਦਾ ਪੂਰਾ ਕਰੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।