ਪਟਿਆਲਾ, 20 ਮਈ
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱੱਧੂ ਵੱਲੋਂ ਆਪਣੀ ਪਤਨੀ ਨੂੰ ਚੰਡੀਗੜ੍ਹ ਤੋਂ ਟਿਕਟ ਨਾ ਮਿਲਣ ਪਿੱੱਛੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੱਥ ਹੋਣ ਸਬੰਧੀ ਕੀਤੀ ਗਈ ਬਿਆਨਬਾਜ਼ੀ ਦਾ ਨੋਟਿਸ ਲੈਂਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਇਹ ਮਸਲਾ ਅਢੁਕਵੇਂ ਸਮੇਂ ’ਤੇ ਉਠਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਰਾਜ ਦੀਆਂ ਸਾਰੀਆਂ 13 ਸੀਟਾਂ ਜਿੱਤ ਕੇ ਇਤਿਹਾਸ ਸਿਰਜੇਗੀ। ਉਨ੍ਹਾਂ ਕਿਹਾ ਕਿ ਵੋਟਾਂ ਤੋਂ ਐਨ ਪਹਿਲਾਂ ਅਜਿਹੇ ਬਿਆਨ ਦਾਗ਼ਣ ਦੀ ਕਾਰਵਾਈ ਪਾਰਟੀ ਲਈ ਨੁਕਸਾਨਦਾਇਕ ਸਾਬਿਤ ਹੋ ਸਕਦੀ ਹੈ। ਕੈਪਟਨ ਨੇ ਕਿਹਾ, ‘‘ਸਿੱਧੂ ਸ਼ਾਇਦ ਵੱਡੀਆਂ ਖਾਹਿਸ਼ਾਂ ਰੱਖਦੇ ਹਨ ਅਤੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ।’’ ਕਾਂਗਰਸ ਦੀ ਹੂੰਝਾ ਫੇਰ ਜਿੱਤ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਕਿਸੇ ਸੀਟ ’ਤੇ ਕੋਈ ਨੁਕਸਾਨ ਹੋਇਆ ਤਾਂ ਉਸ ਲਈ ਸਿੱਧੂ ਦੀ ਬਿਆਨਬਾਜ਼ੀ ਜ਼ਿੰਮੇਵਾਰ ਹੋਵੇਗੀ। ਇਸ ਮਾਮਲੇ ਨੂੰ ਲੈ ਕੇ ਉਹ ਹਾਈ ਕਮਾਂਡ ਵੱਲੋਂ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਲਈ ਵੀ ਆਸਵੰਦ ਹਨ। ਭਾਵੇਂ ਕਿ ਉਨ੍ਹਾਂ ਦਲੀਲ ਦਿੱਤੀ ਕਿ ਇਸ ਸਬੰਧੀ ਫ਼ੈਸਲਾ ਹਾਈ ਕਮਾਂਡ ਨੇ ਕਰਨਾ ਹੈ, ਪਰ ਹਾਈ ਕਮਾਂਡ ਪਾਰਟੀ ’ਚ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕਰੇਗੀ। ਪਟਿਆਲਾ ’ਚ ਵੋਟ ਪਾਉਣ ਲਈ ਆਏ ਕੈਪਟਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ,‘‘ਜੇਕਰ ਸਿੱਧੂ ਸੱਚੇ ਕਾਂਗਰਸੀ ਹਨ, ਤਾਂ ਉਨ੍ਹਾਂ ਨੂੰ ਗਿਲੇ-ਸ਼ਿਕਵੇ ਦਾ ਪ੍ਰਗਟਾਵਾ ਕਰਨ ਲਈ ਢੁਕਵੇਂ ਸਮੇਂ ਦੀ ਚੋਣ ਕਰਨੀ ਚਾਹੀਦੀ ਸੀ ਨਾ ਕਿ ਪੰਜਾਬ ਵਿਚ ਵੋਟਾਂ ਪੈਣ ਤੋਂ ਤੁਰੰਤ ਪਹਿਲਾਂ ਅਜਿਹਾ ਕੋਈ ਬਿਆਨ ਦੇਣਾ ਚਾਹੀਦਾ ਸੀ।’’ ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ ਚੋਣ ਪ੍ਰਚਾਰ ਦੌਰਾਨ ਆਖਿਆ ਸੀ ਕਿ ਉਨ੍ਹਾਂ ਦੀ ਪਤਨੀ ਨੂੰ ਟਿਕਟ ਨਾ ਦਿੱਤੇ ਜਾਣ ਲਈ ਮੁੱਖ ਮੰਤਰੀ ਜ਼ਿੰਮੇਵਾਰ ਹਨ। ਅਜਿਹੇ ਬਿਆਨ ਨੂੰ ਹੀ ਕੈਪਟਨ ਗ਼ੈਰ ਜ਼ਿੰਮੇਵਾਰਾਨਾ ਬਿਆਨਬਾਜ਼ੀ ਕਰਾਰ ਦਿੰਦਿਆਂ, ਪਾਰਟੀ ਲਈ ਨੁਕਸਾਨਦਾਇਕ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੇਵਲ ਉਨ੍ਹਾਂ ਦੀ ਨਹੀਂ ਸਗੋਂ ਕਾਂਗਰਸ ਪਾਰਟੀ ਦੀ ਚੋਣ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਵਿਰੁੱਧ ਕਿਸੇ ਵੀ ਕਾਰਵਾਈ ਦਾ ਫ਼ੈਸਲਾ ਹਾਈ ਕਮਾਂਡ ਨੇ ਕਰਨਾ ਹੈ। ਕੈਪਟਨ ਨੇ ਕਿਹਾ ਕਿ ਸਿੱਧੂ ਨਾਲ ਉਨ੍ਹਾਂ ਦਾ ਕੋਈ ਜ਼ਾਤੀ ਵਖਰੇਵਾਂ ਨਹੀਂ ਹੈ।
ਪੰਜਾਬ ’ਚ ਹੂੰਝਾ ਫੇਰੂ ਜਿੱਤ ਦੇ ਦਾਅਵੇ ਦੌਰਾਨ ਹੀ ਉਨ੍ਹਾਂ ਪ੍ਰਨੀਤ ਕੌਰ ਦੇ ਇਕ ਲੱਖ ਤੋਂ ਵੱਧ ਵੋਟਾਂ ਨਾਲ ਜਿੱਤਣ ਦਾ ਦਾਅਵਾ ਵੀ ਕੀਤਾ ਤੇ ਕੇਂਦਰ ’ਚ ਯੂਪੀਏ-3 ਵੱਲੋਂ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਕੀਤਾ। ਇੱਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਭ ਤੋਂ ਵੱਡਾ ਮਸਲਾ ਸੀ, ਜਿਸ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਸੀ। ਇਸ ਤੋਂ ਇਲਾਵਾ ਦਿਹਾਤੀ ਖੇਤਰਾਂ ਵਿਚ ਕਣਕ ਦੀ ਖ਼ਰੀਦ ਅਤੇ ਸ਼ਹਿਰੀ ਖੇਤਰਾਂ ਵਿਚ ਨੋਟਬੰਦੀ ਤੇ ਜੀਐਸਟੀ ਵਰਗੇ ਮੁੱਦੇ ਮਹੱਤਵਪੂਰਨ ਸਨ।