ਚੰਡੀਗੜ੍ਹ : ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ, ਆੜ੍ਹਤੀ ਐਸੋਸੀਏਸ਼ਨ ਤੇ ਸ਼ੈਲਰ ਮਾਲਕਾਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਗਿਆ। ਇਸ ਦੇ ਨਾਲ ਹੀ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ 18 ਅਕਤੂਬਰ ਤੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਪੱਕਾ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਦੀਆਂ ਮੰਡੀਆਂ ਵਿੱਚ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਅਤੇ ਭਾਜਪਾ ਆਗੂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਘਿਰਾਓ ਕੀਤਾ ਜਾਵੇਗਾ ਅਤੇ ਕਾਲੇ ਝੰਡੇ ਦਿਖਾਏ ਜਾਣਗੇ। ਮੰਡੀਆਂ ਵਿੱਚ ਆੜ੍ਹਤੀਆਂ ਵੱਲੋਂ ਕਾਲੇ ਝੰਡੇ ਲਗਾਏ ਜਾਣਗੇ।
ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਹੀ ਢੰਗ ਨਾਲ ਖਰੀਦ ਸ਼ੁਰੂ ਨਹੀਂ ਕੀਤੀ ਜਾਂਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।