ਚੰਡੀਗੜ੍ਹ, 5 ਅਗਸਤ
ਪੰਜਾਬ ਵਿੱਚ ਕੋਵਿਡ-19 ਦੇ ਕੇਸਾਂ ਵਿਚ ਹਾਲ ਹੀ ਵਿਚ ਹੋਏ ਵਾਧੇ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਰੋਨਾ ਮਹਾਮਾਰੀ ਦੀ ਕਿਸੇ ਵੀ ਨਵੀਂ ਲਹਿਰ ਦਾ ਟਾਕਰਾ ਕਰਨ ਲਈ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਵਿਭਾਗ ਨੂੰ ਮਹਾਮਾਰੀ ਦੀ ਰੋਕਥਾਮ ਲਈ ਸਾਵਧਾਨੀ ਵਰਤਣ ਬਾਰੇ ਲੋਕਾਂ ਨੂੰ ਸੁਚੇਤ ਕਰਨ ਲਈ ਤੁਰੰਤ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਆਖਿਆ। ਉਨ੍ਹਾਂ ਇਸ ਮਹਾਮਾਰੀ ਨਾਲ ਕਾਰਗਰ ਢੰਗ ਨਾਲ ਨਜਿੱਠਣ ਲਈ ਵਿਭਾਗ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਮਲੇਰੀਆ ਤੇ ਡੇਂਗੂ ਵਰਗੀਆਂ ਬਰਸਾਤੀ ਮੌਸਮ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਵਿਭਾਗ ਨੂੰ ਇਨ੍ਹਾਂ ਬਿਮਾਰੀਆਂ ਨਾਲ ਸਿੱਝਣ ਲਈ ਢੁਕਵੀਂ ਮਾਤਰਾ ਵਿਚ ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਗੈਰ-ਸਰਕਾਰੀ ਸੰਗਠਨਾਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਇਸ ਦਿਸ਼ਾ ਵਿੱਚ ਹਰੇਕ ਸੰਭਵ ਕਦਮ ਚੁੱਕਿਆ ਜਾਵੇਗਾ। ਮੁੱਖ ਮੰਤਰੀ ਨੇ ਵਿਭਾਗ ਨੂੰ ਐਸ.ਏ.ਐਸ. ਨਗਰ (ਮੁਹਾਲੀ) ਵਿਚ ਪੰਜਾਬ ਇੰਸਟੀਚਿਊਟ ਆਫ਼ ਲਿਵਰ ਤੇ ਬਾਇਲਰੀ ਸਾਇੰਸਿਜ਼ ਸਥਾਪਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਹ ਵੱਕਾਰੀ ਪ੍ਰਾਜੈਕਟ ਦਸੰਬਰ 2022 ਤੱਕ ਮੁਕੰਮਲ ਕੀਤਾ ਜਾਵੇ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰੇਗਾ।