ਜੰਡਿਆਲਾ ਗੁਰੂ, 28 ਦਸੰਬਰ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 9 ਦਿਨਾਂ ਤੋਂ ਪਿੰਡ ਦੇਵੀਦਾਸਪੁਰਾ ਰੇਲ ਪਟੜੀਆਂ ‘ਤੇ ਆਪਣੀਆਂ ਮੰਗਾਂ ਮੰਨਵਾਉਣ ਲਈ ਸ਼ੁਰੂ ਕੀਤਾ ਰੇਲ ਰੋਕੋ ਅੰਦੋਲਨ ਅੱਜ ਮੁੱਖ ਮੰਤਰੀ ਵੱਲੋਂ ਮੰਗਾਂ ਮੰਨਣ ਉਪਰੰਤ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਬਾਰੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਅੱਜ ਕਿਸਾਨ ਆਗੂਆਂ ਨਾਲ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਡੇਢ ਘੰਟਾ ਮੀਟਿੰਗ ਕੀਤੀ ਗਈ, ਜਿਸ ਵਿੱਚ ਖੇਤੀਬਾੜੀ ਮੰਤਰੀ ਰਣਧੀਰ ਸਿੰਘ ਨਾਭਾ, ਮੁੱਖ ਸਕੱਤਰ ਅਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ। ਕਿਸਾਨ ਆਗੂਆਂ ਦੱਸਿਆ ਉਨ੍ਹਾਂ ਵੱਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਜਸਬੀਰ ਸਿੰਘ ਪਿੱਦੀ ਅਤੇ ਗੁਰਲਾਲ ਸਿੰਘ ਮਾਨ ਮੀਟਿੰਗ ਵਿੱਚ ਸ਼ਾਮਲ ਹੋਏ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਗੜ੍ਹੇਮਾਰੀ ਨਾਲ ਮਾਝੇ ਵਿੱਚ ਤਬਾਹ ਹੋਈ ਬਾਸਮਤੀ ਦੀ ਫਸਲ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਦਿੱਤਾ ਜਾਵੇਗਾ, ਸ਼ਹੀਦ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਹਫਤੇ ਵਿੱਚ ਦੇ ਦਿੱਤਾ ਜਾਵੇਗਾ, ਵੱਖ-ਵੱਖ ਅੰਦੋਲਨਾਂ ਦੇ ਪਹਿਲੇ ਰਹਿੰਦੇ ਸ਼ਹੀਦ ਪਰਿਵਾਰਾਂ ਨੂੰ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇਗਾ, ਰੇਲਵੇ ਪੁਲੀਸ ਦੇ ਸਾਰੇ ਕੇਸ ਗ੍ਰਹਿ ਮੰਤਰੀ ਨਾਲ ਮੀਟਿੰਗ ਕਰਕੇ ਜਲਦੀ ਰੱਦ ਕਰ ਦਿੱਤੇ ਜਾਣਗੇ। ਆਗੂਆਂ ਵੱਲੋਂ ਸਮੁੱਚਾ ਕਰਜ਼ਾ ਖਤਮ ਕਰਨ ਦੀ ਮੰਗ ਕੀਤੀ ਗਈ, ਜਿਸ ’ਤੇ ਮੁੱਖ ਮੰਤਰੀ ਵੱਲੋਂ 5 ਏਕੜ ਤੱਕ ਦੇ ਸਾਰੇ ਕਿਸਾਨਾਂ ਦਾ ਕਰਜ਼ਾ ਹਫਤੇ ਵਿੱਚ ਖਤਮ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਤੇ ਆਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦੇਣ ਦੀ ਸਹਿਮਤੀ ਵੀ ਬਣੀ ਹੈ ਤੇ 65 ਫੀਸਦ ਕਲੈਕਟਰ ਰੇਟ ਨੂੰ 4 ਕਿਸ਼ਤਾਂ ਵਿੱਚ ਕਿਸਾਨ ਦੇਣਗੇ, ਤਾਰ ਪਰਲੀਆਂ ਜ਼ਮੀਨਾਂ ਦੇ ਮੁਆਵਜ਼ੇ ਬਾਰੇ ਗ੍ਰਹਿ ਮੰਤਰੀ ਨਾਲ ਮੀਟਿੰਗ ਕਰਕੇ ਮਸਲੇ ਦਾ ਹੱਲ ਕੀਤਾ ਜਾਵੇਗਾ, 36 ਹਜ਼ਾਰ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ, ਕੇਂਦਰ ਵਾਲੇ ਮਸਲਿਆਂ ਤੇ ਡੀਓ ਲੈਟਰ ਕੇਂਦਰ ਨੂੰ ਲਿਖੇ ਜਾਣਗੇ। ਇਸ ਤੋਂ ਇਲਾਵਾ ਨਸ਼ਾਬੰਦੀ, ਬੇਰੁਜਗਾਰੀ ਦੇ ਖਾਤਮੇ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ 4 ਜਨਵਰੀ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਬਾਰਾ ਮੀਟਿੰਗ ਹੋਵੇਗੀ। ਜਥੇਬੰਦੀ ਵੱਲੋਂ ਮੁੱਖ ਮੰਤਰੀ ਦੇ ਭਰੋਸੇ ਉਪਰੰਤ ਪੰਜਾਬ ਵਿੱਚ 7 ਰੇਲ ਮਾਰਗਾਂ ਉੱਤੇ ਲੱਗੇ ਪੱਕੇ ਮੋਰਚੇ ਅੱਜ ਸ਼ਾਮ 4 ਵਜੇ ਤੋਂ ਮੁਲਤਵੀ ਕਰ ਦਿੱਤੇ ਗਏ। ਆਗੂਆਂ ਨੇ ਦੱਸਿਆ ਇਨ੍ਹਾਂ ਫ਼ੈਸਲਿਆਂ ਦੀ ਸਮੀਖਿਆ ਸਬੰਧੀ 31 ਦਸੰਬਰ ਨੂੰ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ।