ਚੰਡੀਗੜ੍ਹ, 20 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ’ਚ ਚੱਲ ਰਹੇ ਤੀਰਅੰਦਾਜ਼ੀ ਵਿਸ਼ਵ ਕੱਪ ’ਚ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਲੜਕੀਆਂ ਦੀ ਟੀਮ ਨੂੰ ਵਧਾਈ ਦਿੱਤੀ। ਸ੍ਰੀ ਮਾਨ ਨੇ ਕਿਹਾ ਕਿ ਇਨ੍ਹਾਂ ਲੜਕੀਆਂ ਨੇ ਵਿਸ਼ਵ ਕੱਪ ’ਚ ਸੋਨ ਤਗ਼ਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਲੜਕੀਆਂ ਦੀ ਟੀਮ ਨੇ ਮੈਕਸਿਕੋ ਨੂੰ ਕੰਪਾਊਂਡ ਮਹਿਲਾ ਟੀਮ ਦੇ ਫਾਈਨਲ ’ਚ 234-233 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ। ਇਸ ਦੇ ਨਾਲ ਹੀ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਵਿਸ਼ਵ ਕੱਪ ’ਚ ਪਹਿਲੀ ਵਾਰ ਸੋਨ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਬੜੇ ਮਾਣ ਵਾਲੀ ਗੱਲ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਢਾਲੀ ਦੀ ਲੜਕੀ ਪ੍ਰਨੀਤ ਕੌਰ ਤਿੰਨ ਮੈਂਬਰੀ ਟੀਮ ਦਾ ਅਹਿਮ ਹਿੱਸਾ ਹੈ। ਇਸ ਲੜਕੀ ਨੇ ਕੋਚ ਸੁਰਿੰਦਰ ਸਿੰਘ ਰੰਧਾਵਾ ਪਾਸੋਂ ਸਿਖਲਾਈ ਲੈ ਕੇ ਟੀਮ ਦੀ ਜਿੱਤ ’ਚ ਯੋਗਦਾਨ ਪਾਇਆ।