ਚੰਡੀਗੜ੍ਹ, 22 ਅਗਸਤ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੇਠਲੇ ਪੱਧਰ ਉੱਤੇ ਟੈਕਸ ਚੋਰੀ ਨੂੰ ਰੋਕਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਸ ਤਹਿਤ ‘ਮੇਰਾ ਬਿੱਲ’ ਐਪ ਦੀ ਸ਼ੁਰੂਆਤ ਕੀਤੀ ਹੈ ਤਾਂ ਕਿ ਸੂਬੇ ਵਿਚ ਮਾਲੀਏ ਦੀ ਉਗਰਾਹੀ ਵਧਾਈ ਜਾ ਸਕੇ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਚ ਇਸ ਐਪ ਦੀ ਸ਼ੁਰੂਆਤ ਕਰਨ ਮੌਕੇ ਭਗਵੰਤ ਮਾਨ ਨੇ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਜੀਐਸਟੀ ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮਾਲੀਏ ਦੀ ਉਗਰਾਹੀ ਵਧਾਉਣਾ ਹੈ। ਇਹ ਸਕੀਮ ਖਪਤਕਾਰਾਂ ਨੂੰ ਸੂਬੇ ਵਿਚ ਖ਼ਰੀਦ ਮੌਕੇ ਡੀਲਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਿਤ ਕਰੇਗੀ। ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਉਤੇ ਖ਼ਰੀਦ ਦਾ ਬਿੱਲ ਅਪਲੋਡ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਜਿਸ ਤੋਂ ਬਾਅਦ ਇਹ ਖਪਤਕਾਰ ਲੱਕੀ ਡਰਾਅ ਵਿਚ ਸ਼ਾਮਲ ਹੋਣ ਦੇ ਯੋਗ ਹੋਣਗੇ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ 29 ਟੈਕਸੇਸ਼ਨ ਜ਼ਿਲ੍ਹੇ ਹਨ ਅਤੇ ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ ਜਿਸ ਤਹਿਤ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ। ਇਨਾਮ ਦੀ ਰਾਸ਼ੀ ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗੀ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉੱਤੇ ਨਸ਼ਰ ਕੀਤੀ ਜਾਵੇਗੀ ਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਉਕਤ ਸਕੀਮ ਲਈ ਯੋਗ ਨਹੀਂ ਹੋਣਗੇ।