ਚੰਡੀਗੜ੍ਹ, 21 ਅਪਰੈਲ

ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਪੰਜਾਬ ਦੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਸ਼ਹੀਦਾਂ ਦੀ ਕੁਰਬਾਨੀ ਨੂੰ ਪ੍ਰਣਾਮ ਕਰਦਿਆਂ ਉਨ੍ਹਾਂ ਪੁਣਛ ਜ਼ਿਲ੍ਹੇ ਵਿਚ ਦਹਿਸ਼ਤਗਰਦੀ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ। ਸ਼ਹੀਦ ਹੋਏ ਸੈਨਿਕਾਂ ਦੀ ਪਛਾਣ ਹਵਲਦਾਰ ਮਨਦੀਪ ਸਿੰਘ ਵਾਸੀ ਚਣਕੋਹੀਆਂ ਕਾਕਨ ਜ਼ਿਲ੍ਹਾ ਲੁਧਿਆਣਾ, ਲਾਂਸ ਨਾਇਕ ਕੁਲਵੰਤ ਸਿੰਘ ਵਾਸੀ ਪਿੰਡ ਚੜਿੱਕ ਜ਼ਿਲ੍ਹਾ ਮੋਗਾ, ਸਿਪਾਹੀ ਹਰਕ੍ਰਿਸ਼ਨ ਸਿੰਘ ਵਾਸੀ ਪਿੰਡ ਤਲਵੰਡੀ ਭਰਥ ਜ਼ਿਲ੍ਹਾ ਗੁਰਦਾਸਪੁਰ ਅਤੇ ਸਿਪਾਹੀ ਸੇਵਕ ਸਿੰਘ ਵਾਸੀ ਪਿੰਡ ਬਾਘਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਇਸੇ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਵੀ ਜਵਾਨਾਂ ਦੀ ਸ਼ਹਾਦਤ ’ਤੇ ਡੂੰਘਾ ਦੁੱਖ ਪ੍ਰਗਟਾਇਆ ਹੈ।