ਚੰਡੀਗੜ੍ਹ, 23 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਕੂਲੀ ਵਿਦਿਆਰਥੀਆਂ ਨੂੰ ਪੁਲੀਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂ ਕਰਵਾਉਣ ਲਈ ‘ਸਟੂਡੈਂਟ ਪੁਲੀਸ ਕੈਡਿਟ ਸਕੀਮ’ ਦੀ ਸ਼ੁਰੂਆਤ ਕੀਤੀ। ਸ੍ਰੀ ਮਾਨ ਨੇ ਕਿਹਾ ਕਿ ਇਹ ਕੋਰਸ ਬਿਊਰੋ ਆਫ ਪੁਲੀਸ ਰਿਸਰਚ ਐਂਡ ਡਿਵੈਲਪਮੈਂਟ ਵੱਲੋਂ ਤਿਆਰ ਕੀਤਾ ਗਿਆ ਹੈ ਜੋ ਮੌਜੂਦਾ ਵਿਦਿਅਕ ਵਰ੍ਹੇ 2023-24 ’ਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋ ਸਾਲਾਂ ’ਚ ਕਰਵਾਇਆ ਜਾਵੇਗਾ। ਦੋ ਸਾਲਾ ਕੋਰਸ ਤਹਿਤ ਇਹੀ ਵਿਦਿਆਰਥੀ ਵਿਦਿਅਕ ਵਰ੍ਹੇ 2024-25 ’ਚ ਨੌਵੀਂ ਜਮਾਤ ਵਿਚ ਇਸ ਸਕੀਮ ਦਾ ਹਿੱਸਾ ਬਣੇ ਰਹਿਣਗੇ। ਇਸ ਸਕੀਮ ਤਹਿਤ ਪਹਿਲੇ ਪੜਾਅ ਲਈ ਸੂਬੇ ਦੇ 280 ਸਰਕਾਰੀ ਸਕੂਲਾਂ ਦੇ 11,200 ਵਿਦਿਆਰਥੀਆਂ ਦੀ ਚੋਣ ਕੀਤੀ ਗਈ, ਜਿਨ੍ਹਾਂ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਸਮਾਗਮ ’ਚ ਸ਼ਮੂਲੀਅਤ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ‘ਸਟੂਡੈਂਟ ਪੁਲੀਸ ਕੈਡਿਟ ਸਕੀਮ’ ਬਾਰੇ ਮੁਢਲੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਭ੍ਰਿਸ਼ਟਾਚਾਰ, ਸਾਈਬਰ ਅਪਰਾਧ, ਅਪਰਾਧ ਦੇ ਵੱਖ-ਵੱਖ ਸਰੂਪ, ਭਰੂਣ ਹੱਤਿਆ, ਸੜਕ ਸੁਰੱਖਿਆ, ਬੱਚਿਆ ਦੀ ਸੁਰੱਖਿਆ, ਨਸ਼ਿਆਂ ਦੀ ਲਾਹਣਤ ਬਾਰੇ ਜਾਗਰੂਕਤਾ ਸੈਸ਼ਨ, ਘਰੇਲੂ ਹਿੰਸਾ, ਫਸਟ ਏਡ, ਆਫਤ ਮੌਕੇ ਹੰਗਾਮੀ ਸੇਵਾਵਾਂ ਅਤੇ ਕੁਇੱਜ਼ ਮੁਕਾਬਲੇ ਕਰਵਾਏ ਜਾਣਗੇ। ਇਸ ਸਕੀਮ ਤਹਿਤ ਵਿਦਿਆਰਥੀ ਪੁਲੀਸ ਦਫਤਰਾਂ, ਥਾਣਿਆਂ, ਸਾਈਬਰ ਸੈੱਲ, ਫੋਰੈਂਸਿਕ ਲੈਬ, ਪੁਲੀਸ ਸਿਖਲਾਈ ਕੇਂਦਰ ਤੇ ਹੋਰ ਸਬੰਧਤ ਸਰਕਾਰੀ ਸੰਸਥਾਵਾਂ ਦਾ ਦੌਰਾ ਕਰਨਗੇ। ਇਨ੍ਹਾਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ ਅਤੇ ਗਣਤੰਤਰ ਦਿਵਸ/ਆਜ਼ਾਦੀ ਦਿਵਸ ਪਰੇਡ ’ਚ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗੈਰ-ਹਥਿਆਰਬੰਦ ਮੁਕਾਬਲੇ ਬਾਰੇ ਸਿਖਲਾਈ ਦਿੱਤੀ ਜਾਵੇਗੀ। ਸੂਬਾ ਸਰਕਾਰ ਵੱਲੋਂ ਸਕੀਮ ਨੂੰ ਲਾਗੂ ਕਰਨ ਲਈ ਹਰੇਕ ਸਕੂਲ ਲਈ 50 ਹਜ਼ਾਰ ਰੁਪਏ ਸਾਲਾਨਾ ਦੇਵੇਗੀ। ਇਸ ਸਕੀਮ ਤਹਿਤ ਹਰੇਕ ਜ਼ਿਲ੍ਹੇ ’ਚ 10 ਸਕੂਲਾਂ ਵਿੱਚੋਂ 40 ਵਿਦਿਆਰਥੀ ਪ੍ਰਤੀ ਸਕੂਲ ਚੁਣੇ ਗਏ ਹਨ, ਜਿਸ ਨਾਲ ਕੁੱਲ 11,200 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨਡੋਰ ਕੋਰਸ ਮੁਕੰਮਲ ਕਰਨ ਲਈ ਹਰ ਮਹੀਨੇ ਇਕ ਕਲਾਸ ਲਾਈ ਜਾਵੇਗੀ, ਜਿਸ ਨਾਲ ਵਿਦਿਆਰਥੀਆਂ ਦੇ ਸਕੂਲ ਪਾਠਕ੍ਰਮ ਵਿਚ ਕੋਈ ਵੱਡਾ ਵਾਧਾ ਨਹੀਂ ਹੋਵੇਗਾ। ਇਨ੍ਹਾਂ ਵਿਦਿਆਰਥੀਆਂ ਨੂੰ ਮਹੀਨੇ ਵਿੱਚ ਦੋ ਵਾਰ ਸਕੂਲ ਦੇ ਸਮੇਂ ਤੋਂ ਬਾਅਦ ਜਾਂ ਹਫਤੇ ਦੇ ਅਖੀਰਲੇ ਦਿਨ ਬਾਹਰੀ ਸਰਗਰਮੀਆਂ ਲਈ ਲਿਜਾਇਆ ਜਾਵੇਗਾ। ਇਸ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਪੁਲੀਸ ਦੇ ਕੰਮਕਾਜ ਬਾਰੇ ਜਾਣੂ ਕਰਵਾਇਆ ਜਾਵੇਗਾ ਤੇ ਸ਼ਾਸਨ ਤੇ ਸੁਰੱਖਿਆ ’ਚ ਭਾਈਵਾਲ ਬਣਨ ਦਾ ਮੌਕਾ ਦਿੱਤਾ ਜਾਵੇਗਾ। ਸਕੀਮ ਲਾਗੂ ਕਰਨ ਲਈ 269 ਸਕੂਲ ਅਧਿਆਪਕਾਂ ਤੇ 59 ਸਾਂਝ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਹੈ।