ਮਾਨਸਾ :- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਅੱਜ ਮਾਨਸਾ ਅਦਾਲਤ ਵਿੱਚ ਲਾਰੈਂਸ ਬਿਸ਼ਨੋਈ ਸਮੇਤ 24 ਮੁਲਜ਼ਮਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ ਜਦਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਪੁਲੀਸ ਰਿਮਾਂਡ ’ਤੇ ਹੋਣ ਕਾਰਨ ਪੇਸ਼ੀ ਨਹੀਂ ਭੁਗਤ ਸਕਿਆ। ਜਾਣਕਾਰੀ ਅਨੁਸਾਰ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ 24 ਮੁਲਜ਼ਮਾਂ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰੀਤੀ ਸਾਹਨੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਇਸ ਮਾਮਲੇ ’ਚ ਅਗਲੀ ਸੁਣਵਾਈ 5 ਅਕਤੂਬਰ ਨੂੰ ਹੋਵੇਗੀ। ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵੀ ਇਸ ਮਾਮਲੇ ਵਿੱਚ ਪੇਸ਼ੀ ਭੁਗਤੀ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਤੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਪੇਸ਼ੀ ਤੋਂ ਬਾਅਦ ਦੱਸਿਆ ਕਿ ਉਨ੍ਹਾਂ ਨੂੰ ਨਿਆਂ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ ਤੇ ਆਸ ਹੈ ਕਿ ਇਨਸਾਫ਼ ਜ਼ਰੂਰ ਮਿਲੇਗਾ। ਐੱਸਆਈਟੀ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਤੇ ਜੱਗੂ ਭਗਵਾਨਪੁਰੀਆ ਸਮੇਤ 31 ਵਿਰੁੱਧ ਦੋ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ।