ਮਾਨਸਾ, 23 ਅਗਸਤ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ 21 ਮੁਲਜ਼ਮਾਂ ਨੇ ਵੀਡੀਓ ਕਾਨਫਰੰਸ (ਵੀਸੀ) ਰਾਹੀਂ ਅਤੇ ਦੋ ਗੈਂਗਸਟਰਾਂ ਪਵਨ ਬਿਸ਼ਨੋਈ ਅਤੇ ਨਸੀਬ ਖਾਨ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰੀਤੀ ਸਾਹਨੀ ਦੀ ਅਦਾਲਤ ਵਿੱਚ ਪੇਸ਼ ਹੋ ਕੇ ਪੇਸ਼ੀ ਭੁਗਤੀ। ਇਸ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਮਨਪ੍ਰੀਤ ਸਿੰਘ ਮੰਨਾ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ ਕਿਉਂਕਿ ਦੋਵੇਂ ਪੁਲੀਸ ਰਿਮਾਂਡ ’ਤੇ ਹਨ। ਗੁਜਰਾਤ ਪੁਲੀਸ ਲਾਰੈਂਸ ਬਿਸ਼ਨੋਈ ਨੂੰ ਡਰੱਗ ਮਾਮਲੇ ਵਿੱਚ ਬਠਿੰਡਾ ਤੋਂ ਗੁਜਰਾਤ ਲੈ ਕੇ ਗਈ ਹੈ।
ਜਾਣਕਾਰੀ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰਨ ਸਬੰਧੀ ਅਗਲੀ ਸੁਣਵਾਈ ਛੇ ਸਤੰਬਰ ਨੂੰ ਰੱਖੀ ਗਈ ਹੈ। ਪਿਛਲੇ ਮਹੀਨੇ, ਮਾਨਸਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸੁਰਭੀ ਪਰਾਸ਼ਰ ਦੀ ਅਦਾਲਤ ਨੇ ਸੈਸ਼ਨ ਅਦਾਲਤ ਨੂੰ ਚਾਰਜਸ਼ੀਟ ਸੌਂਪੀ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਆਈਪੀਸੀ ਦੀ ਧਾਰਾ 302 (ਕਤਲ) ਦੇ ਅਧੀਨ ਅਪਰਾਧ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਸੈਸ਼ਨ ਕੋਰਟ ਦੁਆਰਾ ਸੁਣਵਾਈ ਯੋਗ ਹਨ।
ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਣੇ 31 ਮੁਲਜ਼ਮਾਂ ਵਿਰੁੱਧ ਦੋ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ ਅਤੇ ਦਾਅਵਾ ਕੀਤਾ ਹੈ ਕਿ ਇਹ ਕਤਲ ਬਿਸ਼ਨੋਈ ਅਤੇ ਬੰਬੀਹਾ ਗੈਂਗ ਵਿਚਾਲੇ ਬਦਲੇ ਦੀ ਲੜੀ ਦਾ ਹਿੱਸਾ ਸੀ।