ਚਮਕੌਰ ਸਾਹਿਬ, 6 ਨਵੰਬਰ

ਬੇਅਦਬੀ ਤੇ ਡਰੱਗ ਤਸਕਰੀ ਮਾਮਲਿਆਂ ਖ਼ਿਲਾਫ਼ ਠੋਸ ਕਾਰਵਾਈ ਨਾ ਹੋਣ ਕਾਰਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਬੀਤੇ ਦਿਨ ਪੰਜਾਬ ਸਰਕਾਰ ਉੱਤੇ ਤਿੱਖੇ ਹਮਲੇ ਕੀਤੇ ਸਨ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਥੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ਗਰੀਬ ਹਾਂ ਪਰ ਕਮਜ਼ੋਰ ਨਹੀਂ ਹਾਂ। ਉਨ੍ਹਾਂ ਵਚਨਬੱਧਤਾ ਦੁਹਰਾਈ ਕਿ ਪੰਜਾਬ ਨਾਲ ਸਬੰਧਤ ਮੁੱਦੇ ਛੇਤੀ ਹੀ ਹੱਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ 2015 ਦੇ ਬੇਅਦਬੀ ਕਾਂਡ ਬਾਰੇ ਪੰਜਾਬ ਪੁਲੀਸ ਦੀ ਵਿਸ਼ੇਸ਼ ਟੀਮ ਵੱਲੋਂ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਾਂਚ ਟੀਮ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਲਈ ਜੇਲ੍ਹ ਵਿੱਚ ਵੀ ਜਾਵੇਗੀ। ਡਰੱਗ ਮਾਫੀਆ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਣ ਵਾਲਿਆਂ ਨੂੰ ਕਿਸੇ ਵੀ ਕੀਮਤ ਉੱਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਸਮਾਗਮ ਦੌਰਾਨ ਬੇਲਾ-ਪਨਿਆਲੀ ਸੜਕ ਅਤੇ ਸਤਲੁੱਜ ਦਰਿਆ ਉੱਤੇ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਿਆ।