ਮੈਕਸਿਕੋ ਵਿੱਚ ਨਸ਼ਾ ਤਸਕਰ ਅਲ ਮੈਂਚੋ ਦੇ ਮਾਰੇ ਜਾਣ ਤੋਂ ਬਾਅਦ ਵਧ ਰਹੀ ਹਿੰਸਾ ਨੂੰ ਦੇਖਦੇ ਹੋਏ ਉੱਥੇ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਾਵਾਸ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਫਿਲਹਾਲ ਘਰਾਂ ਦੇ ਅੰਦਰ ਹੀ ਰਹਿਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਮੈਕਸਿਕੋ ਦੀ ਫੌਜ ਨੇ ਜਾਲਿਸਕੋ ਨਿਊ ਜਨਰੇਸ਼ਨ ਕਾਰਟੇਲ ਦੇ ਮੁਖੀ ਨੇਮੇਸੀਓ ਓਸੇਗੁਏਰਾ ਜਿਸ ਨੂੰ ‘ਅਲ ਮੈਂਚੋ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਨੂੰ ਮਾਰ ਦਿੱਤਾ ਸੀ, ਜਿਸ ਤੋਂ ਬਾਅਦ ਕਈ ਇਲਾਕਿਆਂ ਵਿੱਚ ਹਾਲਾਤ ਵਿਗੜ ਗਏ ਹਨ।
ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਜਾਲਿਸਕੋ ਰਾਜ (ਪੋਰਟੋ ਵੈਲਾਰਟਾ, ਚਾਪਾਲਾ ਅਤੇ ਗੁਆਡਾਲਜਾਰਾ), ਤਾਮੌਲੀਪਾਸ ਰਾਜ (ਰੇਨੋਸਾ ਅਤੇ ਹੋਰ ਨਗਰਪਾਲਿਕਾਵਾਂ), ਮਿਚੋਆਕਨ, ਗੁਆਰੇਰੋ ਅਤੇ ਨੂਏਵੋ ਲਿਓਨ ਰਾਜਾਂ ਵਿੱਚ ਰਹਿ ਰਹੇ ਭਾਰਤੀ ਨਾਗਰਿਕ ਅਗਲੇ ਹੁਕਮਾਂ ਤੱਕ ਸੁਰੱਖਿਅਤ ਥਾਵਾਂ ’ਤੇ ਹੀ ਰਹਿਣ। ਦੂਤਾਵਾਸ ਨੇ ਕਿਹਾ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਫੌਜੀ ਕਾਰਵਾਈਆਂ, ਸੜਕਾਂ ਦੀ ਨਾਕਾਬੰਦੀ ਅਤੇ ਅਪਰਾਧਿਕ ਗਤੀਵਿਧੀਆਂ ਹੋਣ ਦਾ ਖਤਰਾ ਹੈ, ਇਸ ਲਈ ਬਿਨਾਂ ਵਜ੍ਹਾ ਬਾਹਰ ਨਾ ਨਿਕਲਿਆ ਜਾਵੇ।
ਭਾਰਤੀ ਨਾਗਰਿਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਪੁਲੀਸ ਜਾਂ ਫੌਜੀ ਕਾਰਵਾਈ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੀ ਸਥਿਤੀ ਪ੍ਰਤੀ ਸੁਚੇਤ ਰਹਿਣ। ਦੂਤਾਵਾਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਤਾਜ਼ਾ ਜਾਣਕਾਰੀ ਲਈ ਸਥਾਨਕ ਮੀਡੀਆ ’ਤੇ ਨਜ਼ਰ ਰੱਖਣ ਅਤੇ ਸਥਾਨਕ ਪ੍ਰਸ਼ਾਸਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ 911 ’ਤੇ ਕਾਲ ਕਰਨ ਲਈ ਕਿਹਾ ਗਿਆ ਹੈ। ਨਾਲ ਹੀ, ਇਹ ਵੀ ਕਿਹਾ ਗਿਆ ਹੈ ਕਿ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਫੋਨ, ਮੈਸੇਜ ਜਾਂ ਸੋਸ਼ਲ ਮੀਡੀਆ ਰਾਹੀਂ ਆਪਣੀ ਲੋਕੇਸ਼ਨ ਅਤੇ ਸਲਾਮਤੀ ਬਾਰੇ ਜਾਣਕਾਰੀ ਦਿੰਦੇ ਰਹਿਣ ਤਾਂ ਕਿ ਕਿਸੇ ਵੀ ਮੁਸ਼ਕਲ ਸਮੇਂ ਸੰਪਰਕ ਕੀਤਾ ਜਾ ਸਕੇ।














