ਮੈਕਸੀਕੋ ਤੋਂ ਬਾਅਦ ਹੁਣ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਤੋਂ ਕੈਨੇਡਾ ਖਿਲਾਫ ਜਾਰੀ ਹੋਣ ਵਾਲੇ ਟੈਰਿਫ ਨੂੰ 30 ਦਿਨਾਂ ਲਈ ਟਾਲ ਦਿੱਤਾ ਹੈ। ਇਹ ਫੈਸਲਾ ਦੋਵਾਂ ਦੇਸ਼ਾਂ ਵੱਲੋਂ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਮਤੀ ਤੋਂ ਬਾਅਦ ਲਿਆ ਗਿਆ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਕਸ ‘ਤੇ ਇਕ ਬਿਆਨ ‘ਚ ਕਿਹਾ ਕਿ ਉਨ੍ਹਾਂ ਨੇ ਟਰੰਪ ਨਾਲ ਗੱਲਬਾਤ ਦੌਰਾਨ ਸਰਹੱਦੀ ਸੁਰੱਖਿਆ ਵਧਾਉਣ ਦਾ ਵਾਅਦਾ ਕੀਤਾ ਸੀ, ਜਿਸ ਤੋਂ ਬਾਅਦ ਟਰੰਪ ਟੈਰਿਫ ਨੂੰ ਮੁਲਤਵੀ ਕਰਨ ਲਈ ਸਹਿਮਤ ਹੋ ਗਏ ਹਨ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲਬਾਤ ਤੋਂ ਬਾਅਦ ਮੈਕਸੀਕੋ ‘ਤੇ ਲਗਾਏ ਗਏ ਟੈਰਿਫ ਨੂੰ ਇਕ ਮਹੀਨੇ ਲਈ ਟਾਲ ਦਿੱਤਾ ਗਿਆ ਹੈ। ਇਸ ਤੋਂ ਬਾਅਦ ਵ੍ਹਾਈਟ ਹਾਊਸ ਨੇ ਉਨ੍ਹਾਂ ਦੇ ਬਿਆਨ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਚੀਨ ਤੋਂ ਦਰਾਮਦ ‘ਤੇ ਲਗਾਏ ਗਏ ਟੈਰਿਫ ਫਿਲਹਾਲ ਜਾਰੀ ਰਹਿਣਗੇ। ਟੈਰਿਫ ਲਾਗੂ ਹੋਣ ਤੋਂ ਬਾਅਦ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਮੈਕਸੀਕੋ ਦੇ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਸਮਝੌਤੇ ‘ਤੇ ਦਸਤਖਤ ਕੀਤੇ ਹਨ। ਇਸ ‘ਚ ਉਹ ਟਰੰਪ ਦੁਆਰਾ ਲਗਾਏ ਗਏ ਟੈਰਿਫ ਨੂੰ ਘੱਟੋ-ਘੱਟ ਇਕ ਮਹੀਨੇ ਲਈ ਰੋਕਣ ਲਈ ਸਹਿਮਤ ਹੋ ਗਏ ਹਨ।
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਡੋਨਾਲਡ ਟਰੰਪ ਨੇ ਟੈਰਿਫ ‘ਤੇ ਪਾਬੰਦੀ ਨੂੰ ਲੈ ਕੇ ਫੋਨ ‘ਤੇ ਗੱਲਬਾਤ ਕੀਤੀ। ਇਸ ਦੌਰਾਨ ਟਰੂਡੋ ਨੇ ਕਿਹਾ ਕਿ ਕੈਨੇਡਾ ਨੇ ਫੈਂਟਾਨਾਇਲ ਦੀ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਜਾਂਚ ਟੀਮ ਨਿਯੁਕਤ ਕਰਨ ਦਾ ਵਾਅਦਾ ਕੀਤਾ ਹੈ। ਇਸ ਦੇ ਨਾਲ ਹੀ ਟਰੂਡੋ ਨੇ ਅਮਰੀਕਾ ਨਾਲ ਸਾਂਝੀ ਸਰਹੱਦ ‘ਤੇ ਲਗਾਤਾਰ ਨਿਗਰਾਨੀ ਰੱਖਣ ਦਾ ਭਰੋਸਾ ਵੀ ਦਿੱਤਾ ਹੈ। ਦੱਸ ਦੇਈਏ ਕਿ ਹਾਲ ਹੀ ‘ਚ ਡੋਨਾਲਡ ਟਰੰਪ ਨੇ ਕੈਨੇਡਾ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਕੈਨੇਡਾ ਨੇ ਫੈਂਟਾਨਾਇਲ ਦੀ ਤਸਕਰੀ ਅਤੇ ਸਰਹੱਦ ਪਾਰੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੋਕਿਆ ਨਹੀਂ ਤਾਂ ਅਮਰੀਕਾ ਉਸ ‘ਤੇ ਭਾਰੀ ਟੈਰਿਫ ਲਗਾ ਦੇਵੇਗਾ।