ਸੰਗਰੂਰ, 2 ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਾਦਲ ਅਤੇ ਢੀਂਡਸਾ ਪਰਿਵਾਰ ’ਤੇ ਦੋਸ਼ ਲਾਇਆ ਹੈ ਕਿ ਇਨ੍ਹਾਂ ਦੋਵਾਂ ਪਰਿਵਾਰਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਖਾਤਰ ਮਸਤੂਆਣਾ ਸਾਹਿਬ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦੇ ਕੰਮ ਵਿੱਚ ਅੜਿੱਕਾ ਪਾਇਆ ਹੋਇਆ ਹੈ। ਇੱਥੇ ਮੈਡੀਕਲ ਕਾਲਜ ਦੇ ਨੀਂਹ ਪੱਥਰ ਨੇੜੇ ਇੱਕ ਸਾਦੇ ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਕੋਝੇ ਹੱਥਕੰਡੇ ਅਪਣਾਉਣ ਨਾਲ ਇਨ੍ਹਾਂ ਪਰਿਵਾਰਾਂ ਦਾ ਲੋਕ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ ਕਿਉਂਕਿ ਇਹ ਪਰਿਵਾਰ ਨਹੀਂ ਚਾਹੁੰਦੇ ਕਿ ਆਮ ਲੋਕਾਂ ਨੂੰ ਇੱਥੇ ਬਣਨ ਵਾਲੇ ਮੈਡੀਕਲ ਕਾਲਜ ਨਾਲ ਬਿਹਤਰ ਇਲਾਜ ਅਤੇ ਸਿੱਖਿਆ ਦੀ ਸਹੂਲਤ ਮਿਲੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੰਗਰੂਰ ਨੇੜੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਦੀ ਯਾਦ ਵਿੱਚ ਉੱਚ ਦਰਜੇ ਦਾ ਮੈਡੀਕਲ ਕਾਲਜ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਸੀ। ਇਸ ਪ੍ਰਾਜੈਕਟ ਦਾ ਕੰਮ ਸ਼ੁਰੂ ਕਰਨ ਲਈ ਸੂਬਾ ਸਰਕਾਰ ਨੇ 407 ਕਰੋੜ ਰੁਪਏ ਵਿੱਚੋਂ ਕੁੱਝ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਹਰ ਕੀਮਤ ’ਤੇ ਬਣਾਇਆ ਜਾਵੇਗਾ, ਜਿਸ ਵਾਸਤੇ ਕਈ ਪੰਚਾਇਤਾਂ ਜ਼ਮੀਨ ਦੇਣ ਲਈ ਤਿਆਰ ਹਨ। ਇਸ ਮੌਕੇ ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਹਾਜ਼ਰ ਸਨ। ਇਸੇ ਦੌਰਾਨ ਐੱਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਡੀਕਲ ਕਾਲਜ ਲਈ ਪੰਜਾਬ ਸਰਕਾਰ ਦੇ ਨਾਂ ਹੋਈ ਜ਼ਮੀਨ ਦੀ ਰਜਿਸਟਰੀ ਰੱਦ ਕਰਾਉਣ ਲਈ ਡੀਸੀ ਦਫ਼ਤਰ ਅੱਗੇ ਲਾਇਆ ਧਰਨਾ ਅੱਜ ਵੀ ਜਾਰੀ ਰਿਹਾ।