ਮੋਗਾ, 30 ਜਨਵਰੀ
ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਦਿੱਲੀ ਮੋਰਚੇ ਲਈ ਕਿਸਾਨਾਂ ਵੱਲੋਂ ਮੁੜ ਲਾਮਬੰਦੀ ਤੇਜ਼ ਕਰ ਦਿੱਤੀ ਗਈ ਹੈ। ਇਥੋਂ ਪਹਿਲੀ ਫ਼ਰਵਰੀ ਨੂੰ ਬੀਕੇਯੂ ਏਕਤਾ ਉਗਰਾਹਾਂ ਜਥੇਬੰਦੀ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਦਾ ਜਥਾ ਦਿੱਲੀ ਨੂੰ ਰਵਾਨਾ ਹੋਵੇਗਾ।
ਜਥੇਬੰਦੀ ਆਗੂ ਬਲੌਰ ਸਿੰਘ ਘਾਲੀ ਨੇ ਦੱਸਿਆ ਕਿ ਪਿੰਡਾਂ ਵਿੱਚ ਮੋਦੀ ਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕ ਕੇ ਕਿਸਾਨਾਂ ਨੂੰ ਦਿੱਲੀ ਮੋਰਚੇ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਇਥੇ ਭਾਜਪਾ ਜਿਲ੍ਹਾ ਪ੍ਰਧਾਨ ਵਿਨੇ ਸ਼ਰਮਾਂ ਦੇ ਘਰ ਅੱਗੇ 97ਵੇਂ ਅਤੇ ਅਡਾਨੀ ਅਨਾਜ ਭੰਡਾਰ ਅੱਗੇ 122ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਉਨ੍ਹਾਂ ਕਿਹਾ ਕਿ ਸੋਮਵਾਰ 1 ਫ਼ਰਵਰੀ ਨੂੰ ਸਵੇਰੇ ਕਰੀਬ 11 ਵਜੇ ਮੋਗਾ-ਬਰਨਾਲਾ ਮਾਰਗ ਸਥਿਤ ਪਿੰਡ ਹਿੰਮਤਪੁਰਾ ਪੁਲ ਤੋਂ ਇਹ ਜਥਾ ਰਵਾਨਾ ਹੋਵੇਗਾ।
ਇਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕਿਸਾਨਾਂ ਨੇ ਰਾਸਟਰ ਪਿਤਾ ਮਹਾਤਮਾ ਗਾਂਧੀ ਦੀ ਬਰਸੀ ‘ਤੇ ਵਰਤ ਰੱਖਿਆ ਅਤੇ ਉਨ੍ਹਾਂ ਦੀ ਬਰਸੀ ਨੂੰ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ। ਭੁੱਖ ਹੜਤਾਲ ਉੱਤੇ ਬੈਠੇ ਨੌਜਵਾਨ ਆਗੂ ਸੁਖਜਿੰਦਰ ਮਹੇਸਰੀ ਨੇ ਕਿਹਾ ਕਿ ਅੱਜ ਕਿਸਾਨ ਮੋਰਚੇ ਦਾ ਸੁਨੇਹਾ “ਸਦਭਾਵਨਾ ਦਿਵਸ“ ਮਨਾਉਣ ਦਾ ਹੈ।