ਚੀਮਾ ਮੰਡੀ, 3 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਤੇ ਪੰਜਾਬ ਦੀ ਕੈਪਟਨ ਸਰਕਾਰਾਂ ਮਿਲੀਭੁਗਤ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਰਾਜ ਦਾ ਵੱਡਾ ਨੁਕਸਾਨ ਕਰ ਰਹੀਆਂ ਹਨ। ਅੱਜ ਪਿੰਡ ਬੀਰ ਕਲਾਂ ਵਿਖੇ ਅਕਾਲੀ ਆਗੂ ਖੁਸ਼ਪਾਲ ਸਿੰਘ ਬੀਰ ਕਲਾਂ ਸਾਬਕਾ ਚੇਅਰਮੈਨ ਮਿਲਕ ਪਲਾਂਟ ਸੰਗਰੂਰ ਦੇ ਗ੍ਰਹਿ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਖੇਤੀ ਸਬੰਧੀ ਨਵੇਂ ਕਾਨੂੰਨ ਬਣਾਉਣ ਦੇ ਪਰਦੇ ਪਿੱਛੇਠ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ ਤੇ ਇਨ੍ਹਾਂ ਕਾਨੂੰਨਾਂ ਨੂੰ ਮਾਨਤਾ ਨਹੀਂ ਮਿਲਣੀ। ਜੇ ਪੰਜਾਬ ਸਰਕਾਰ ਅਕਾਲੀ ਦਲ ਵੱਲੋਂ ਦਿੱਤੇ ਸੁਝਾਅ ਮੁਤਾਬਕ ਪੰਜਾਬ ਨੂੰ ਛੱਤੀਸਗੜ੍ਹ ਵਾਂਗ ਮੁੱਖ ਮੰਡੀ ਐਲਾਨ ਦਿੰਦੀ ਤਾਂ ਰਾਜ ਦੀ ਕਿਸਾਨੀ ਵੀ ਬਚ ਰਹਿਣੀ ਸੀ ਪਰ ਕੈਪਟਨ ਤੇ ਮੋਦੀ ਸਰਕਾਰ ਆਪਣੀ ਮਿਲੀ ਭੁਗਤ ਨਾਲ ਕਿਸਾਨੀ ਨੂੰ ਬਰਬਾਦ ਕਰਨ ’ਤੇ ਤੁਲੇ ਹੋਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਸੁਖਦੇਵ ਸਿੰਘ ਢੀਂਡਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।