ਚੰਡੀਗੜ੍ਹ, 22 ਮਈ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਡੀਜ਼ਲ-ਪੈਟਰੋਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦਾ ਸਖ਼ਤ ਵਿਰੋਧ ਕਰਦਿਆਂ ਨਰਿੰਦਰ ਮੋਦੀ ਸਰਕਾਰ ਨੂੰ ਜਨ ਅਤੇ ਦੇਸ਼ ਵਿਰੋਧੀ ਸਰਕਾਰ ਕਰਾਰ ਦਿੱਤਾ ਹੈ। ‘ਆਪ’ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੀ ਭਾਈਵਾਲ ਕੇਂਦਰ ਦੀ ਮੋਦੀ ਸਰਕਾਰ ਨੂੰ ਜਨਤਾ ਦਾ ਕੋਈ ਫ਼ਿਕਰ ਨਹੀਂ ਹੈ, ਜਦੋਂਕਿ ਅੰਬਾਨੀ ਵਰਗੇ ਕਾਰਪੋਰੇਟ ਘਰਾਣਿਆਂ ਦੀਆਂ ਤੇਲ ਕੰਪਨੀਆਂ ਨੂੰ ਮੋਟੇ ਮੁਨਾਫੇ ਦਿੱਤੇ ਜਾ ਰਹੇ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਵਰਗੇ ਸੱਤਾਧਾਰੀ ਭਾਈਵਾਲਾਂ ਦਾ ਸਾਲ 2014 ਦੀਆਂ ਲੋਕ ਸਭਾ ਚੋਣਾਂ ਦੇ ਵਾਅਦੇ ਮੁਤਾਬਕ ਮਹਿੰਗਾਈ ਨੂੰ ਨੱਥ ਪਾਉਣ ਦਾ ਇਰਾਦਾ ਹੁੰਦਾ ਤਾਂ ਮੋਦੀ ਸਰਕਾਰ ਤੇਲ ਦੀਆਂ ਕੀਮਤਾਂ ਕੰਟਰੋਲ ਕਰਨ ਵਾਲੀ ਆਪਣੀ ਜ਼ਿੰਮੇਵਾਰੀ ਤੋਂ ਨਾ ਭੱਜਦੀ। ਮੋਦੀ ਸਰਕਾਰ ਨੇ ਜਨਤਾ ਦੇ ਹਿੱਤਾਂ ਨੂੰ ਦਾਅ ’ਤੇ ਲਾਉਂਦੇ ਹੋਏ ਤੇਲ ਕੰਪਨੀਆਂ ਨੂੰ ਕੀਮਤਾਂ ਵਧਾਉਣ ਦੀ ਖੁੱਲ੍ਹ ਦੇ ਦਿੱਤੀ, ਜਿਸ ਕਾਰਨ 70 ਸਾਲਾਂ ਦੇ ਭਾਰਤੀ ਇਤਿਹਾਸ ’ਚ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ’ਚ ਤੇਲ ਦੀਆਂ ਕੀਮਤਾਂ ਵਧਣ ਵਿਰੁੱਧ ਹੋ-ਹੱਲਾ ਮਚਾਉਣ ਵਾਲੇ ਅਕਾਲੀ ਦਲ ਦੇ ਪ੍ਰਮੁੱਖ ਪ੍ਰਕਾਸ਼ ਸਿੰਘ ਬਾਦਲ ਆਪਣੀ ਮੋਦੀ ਸਰਕਾਰ ਦੇ ਇਸ ਲੋਕ ਵਿਰੋਧੀ ਫ਼ੈਸਲੇ ਉਪਰ ਪੂਰੀ ਤਰਾਂ ਚੁੱਪ ਹਨ। ਡਾ. ਬਲਬੀਰ ਸਿੰਘ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਮੰਗ ਕੀਤੀ ਕਿ ਉਹ ਮੋਦੀ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਵਾਪਸ ਲੈਣ ਲਈ ਮਜਬੂਰ ਕਰਨ ਜਾਂ ਫਿਰ ਕੁਰਸੀ ਛੱਡਣ। ਉਨ੍ਹਾਂ ਨੇ ਕੈਪਟਨ ਸਰਕਾਰ ਤੋਂ ਵੀ ਮੰਗ ਕੀਤੀ ਕਿ ਝੋਨੇ ਦੇ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਡੀਜ਼ਲ ’ਤੇ ਸੂਬੇ ਦੇ ਹਿੱਸੇ ਦੇ ਵੈਟ/ਟੈਕਸ ਤੋਂ ਛੋਟ ਦੇ ਕੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇ।