ਚੰਡੀਗੜ੍ਹ, 29 ਜੂਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ ਕਿਹਾ ਕਿ ਉਹ ਚੀਨੀ ਕੰਪਨੀਆਂ ਵੱਲੋਂ ਪੀਐਮ ਕੇਅਰਸ ਫੰਡ ਵਿੱਚ ਲਏ ਦਾਨ ਨੂੰ ਵਾਪਸ ਕਰੇ। ਇਥੇ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਕਿਹਾ ਕਿ ਚੀਨੀ ਕੰਪਨੀਆਂ ਜਾ ਜਿਨ੍ਹਾਂ ਕੰਪਨੀਆਂ ਵਿੱਚ ਚੀਨ ਦਾ ਹਿੱਸਾ ਹੈ। ਉਨ੍ਹਾਂ ਤੋਂ ਅਜਿਹੇ ਸਮੇਂ ਪੈਸਾ ਲੈਣਾ ਠੀਕ ਨਹੀਂ, ਜਦੋਂ ਸਰਹੱਦ ’ਤੇ ਚੀਨ ਨੇ ਹਮਲਾਵਰ ਰੁਖ਼ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਚੀਨ ਤੋਂ ਮਿਲਿਆ ਇਕ ਇਕ ਪੈਸਾ ਵਾਪਸ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚੀਨ ਸਾਨੂੰ ਲਗਾਤਾਰ ਪ੍ਰੇਸ਼ਾਨ ਕਰ ਰਿਹਾ ਹੈ ਕਿਉਂਕਿ ਉਹ ਸਿਆਚਿਨ ਅਤੇ ਅਕਸਾਈ ਚਿਨ ਵਿਚਾਲੇ ਆਪਣੇ ਸਥਿਤੀ ਮਜ਼ਬੂਤ ਕਰਨਾ ਚਾਹੁੰਦਾ ਹੈ। ਅਮਰਿੰਦਰ ਸਿੰਘ ਨੇ ਕਿਹਾ ਕਿ ਚੀਨ ਵਿਰੁੱਧ ਕੇਂਦਰ ਸਰਕਾਰ ਨੂੰ ਸਖ਼ਤ ਰਵੱਈਆ ਅਖ਼ਤਿਆਰ ਕਰਨਾ ਚਾਹੀਦਾ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਈ ਚੀਨੀ ਕੰਪਨੀਆਂ ਦੇ ਬਿਆਨਾਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਵਿੱਚ ਉਨ੍ਹਾਂ ਕੰਪਨੀਆਂ ਨੇ ਮੰਨਿਆ ਸੀ ਕਿ ਉਨ੍ਹਾਂ ਨੇ ਪੀਐਮ ਕੇਅਰਸ ਵਿੱਚ ਪੈਸਾ ਦਿੱਤਾ ਹੈ।