ਚੰਡੀਗੜ੍ਹ: ਮੋਹਾਲੀ ਦੇ ਉਦਯੋਗਿਕ ਖੇਤਰ ਵਿੱਚ ਇੱਕ ਫੈਕਟਰੀ ਵਿੱਚ ਸਿਲੰਡਰ ਧਮਾਕਾ ਹੋਇਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 3 ਲੋਕਾਂ ਦੇ ਜ਼ਖਮੀ ਹੋਏ ਹਨ। ਮੋਹਾਲੀ ਦੇ ਇੰਡਸਟਰੀਅਲ ਫੇਜ਼-9 ਦੀ ਇਕ ਫੈਕਟਰੀ ’ਚ ਵੱਡਾ ਧਮਾਕਾ ਹੋਣ ਕਾਰਨ ਦੋ ਵਿਅਕਤੀਆਂ ਦੀ ਹੋਈ ਮੌਤ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਦੁੱਖ ਪ੍ਰਗਟਾਉਂਦੇ ਹੋਏ ਕਿਹਾ ਕਿ ਇਸ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਜਾਨ ਚਲੀ ਗਈ ਜਦੋਂਕਿ ਕੁੱਝ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਫੈਕਟਰੀ ਵਿਖੇ ਚੱਲ ਰਹੇ ਰਾਹਤ ਕਾਰਜਾਂ ਸਬੰਧੀ ਮੈਂ ਪਲ-ਪਲ ਦੀ ਜਾਣਕਾਰੀ ਹਾਸਿਲ ਕਰ ਰਿਹਾ ਹਾਂ। ਉਨ੍ਹਾਂ ਅੱਗੇ ਕਿਹਾ ਕਿ ਮੈਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਿਲ ਸਮੇਂ ’ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।
ਜ਼ਿਕਰ ਕਰ ਦਈਏ ਕਿ ਮੋਹਾਲੀ ਦੇ ਇੰਡਸਟਰੀਅਲ ਏਰੀਆ ਵਿੱਚ ਇੱਕ ਫੈਕਟਰੀ ਵਿੱਚ ਸਿਲੰਡਰ ਬਲਾਸਟ ਹੋਣ ਦੀ ਘਟਨਾ ਵਾਪਰੀ, ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ। ਧਮਾਕਾ ਇੰਨਾ ਤੇਜ਼ ਸੀ ਕਿ ਆਸ-ਪਾਸ ਦੇ ਘਰਾਂ ਦੀਆਂ ਕੰਧਾਂ ਵੀ ਹਿੱਲ ਗਈਆਂ ਤੇ ਫੈਕਟਰੀ ਦੀ ਛੱਤ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ।
ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਅਜੇ ਤੱਕ ਬਲਾਸਟ ਦਾ ਸਹੀ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਚੁੱਕੀਆਂ ਹਨ ਅਤੇ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ।