ਚੰਡੀਗੜ੍ਹ, 2 ਅਗਸਤ
ਵਿਰੋਧੀ ਧਿਰਾਂ ਦੇ ਹੰਗਾਮੇ ਦੇ ਚੱਲਦਿਆਂ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸਵੇਰੇ ਵਿਰੋਧੀ ਧਿਰਾਂ ਦੇ ਮੈਂਬਰਾਂ ਵੱਲੋਂ ਕਿਸਾਨ ਅੰਦੋਲਨ ਅਤੇ ਪੈਗਾਸਸ ਜਾਸੂਸੀ ਮੁੱਦੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤੇ ਜਾਣ ਦੌਰਾਨ ਲੋਕ ਸਭਾ ਦੀ ਕਾਰਵਾਈ ਦੋ ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਲੱਗਪਗ 11.37 ਵਜੇ ਜਦੋਂ ਤ੍ਰਿਣਮੂਲ ਕਾਂਗਰਸ ਨੇਤਾ ਮਹੂਆ ਮੋਇਤਰਾ ਨੇ ਬੋਲਣਾ ਸ਼ੁਰੂ ਕੀਤਾ ਤਾਂ ਸਪੀਕਰ ਓਮ ਬਿਰਲਾ ਨੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੂੰ ਆਪਣੀਆਂ ਸੀਟਾਂ ’ਤੇ ਬੈਠਣ ਲਈ ਕਿਹਾ ਤਾਂ ਕਿ ਸਦਨ ਦੀ ਕਾਰਵਾਈ ਸ਼ੁਰੂ ਹੋ ਸਕੇ। ਉਨ੍ਹਾਂ ਯਕੀਨ ਦਿਵਾਇਆ ਸਾਰਿਆਂ ਆਪਣੇ ਮੁੱਦੇ ਚੁੱਕਣ ਦਾ ਸਮਾਂ ਤੇ ਮੌਕਾ ਦਿੱਤਾ ਜਾਵੇਗਾ। ਜਦੋ ਪ੍ਰਦਰਸ਼ਨ ਜਾਰੀ ਰਿਹਾ ਤਾਂ ਸ੍ਰੀ ਬਿਰਲਾ ਨੇ ਕਾਰਵਾਈ 12 ਵਜੇ ਤੱਕ ਮੁਲਤਵੀ ਕਰ ਦਿੱਤੀ। ਇਸ ਤੋਂ ਮਗਰੋਂ ਕੁਝ ਸੰਵਿਧਾਨਕ ਕੰਮ ਕਰਨ ਮਗਰੋਂ 12 ਵਜੇ ਤੋਂ ਕੁਝ ਸਮਾਂ ਬਾਅਦ ਹੀ ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਸਪੀਕਰ ਬਿਰਲਾ ਨੇ ਵਿਰੋਧੀ ਧਿਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀ ਨਿਖੇਧੀ ਵਾਲੇ ਬੈਨਰ ਲੈ ਕੇ ਪ੍ਰਦਰਸ਼ਨ ਕੀਤੇ ਜਾਣ ਦੇ ਬਾਵਜੂਦ ਪ੍ਰਸ਼ਨ ਕਾਲ ਜਾਰੀ ਰੱਖਿਆ।ਬਾਅਦ ਦੁਪਹਿਰ 2.36 ਵਜੇ ਰਾਜ ਸਭਾ ਦੀ ਕਾਰਵਾਈ ਇੱਕ ਘੰਟੇ ਲਈ (3.36 ਵਜੇ ਤੱਕ) ਮੁਲਤਵੀ ਕਰ ਦਿੱਤੀ ਗਈ। ਵਿਰੋਧੀ ਧਿਰ ਦੇ ਭਾਰੀ ਹੰਗਾਮੇ ਕਾਰਨ ਇਸ ਤੋਂ ਪਹਿਲਾਂ ਵੀ ਸੰਸਦ ਦੀ ਕਾਰਵਾਈ ਦੋ ਵਾਰ ਮੁਲਤਵੀ ਕੀਤੀ ਗਈ ਸੀ।