ਸੰਗਰੂਰ, 18 ਨਵੰਬਰ
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰਨ ਪੁੱਜੇ ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੂੰ ਖਦੇੜਨ ਲਈ ਪੁਲੀਸ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਪਾਣੀ ਦੀਆਂ ਤੇਜ਼ ਬੁਛਾੜਾਂ ਵੀ ਮਾਰੀਆਂ ਗਈਆਂ। ਇਸ ਲਾਠੀਚਾਰਜ ਦੌਰਾਨ ਔਰਤਾਂ ਸਣੇ ਕਈ ਬੇਰੁਜ਼ਗਾਰ ਅਧਿਆਪਕਾਂ ਦੀ ਪੁਲੀਸ ਵੱਲੋਂ ਖਿੱਚ-ਧੂਹ ਕੀਤੀ ਗਈ, ਜਿਸ ਕਾਰਨ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਵੀ ਲੱਥ ਗਈਆਂ। ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਪੁਲੀਸ ’ਤੇ ਮਹਿਲਾ ਅਧਿਆਪਕਾਂ ਉੱਤੇ ਡੰਡਾ ਵਰ੍ਹਾਉਣ, ਦੌੜਾ-ਦੌੜਾ ਕੇ ਕੁੱਟਣ ਤੇ ਪਥਰਾਅ ਕਰਨ ਦੇ ਦੋਸ਼ ਲਗਾਏ ਗਏ। ਉੱਧਰ, ਵੱਖ-ਵੱਖ ਜਥੇਬੰਦੀਆਂ ਨੇ ਬੇਰੁਜ਼ਗਾਰ ਅਧਿਆਪਕਾਂ ’ਤੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਇੱਥੇ ਡਿਪਟੀ ਕਮਿਸ਼ਨਰ ਕੰਪਲੈਕਸ ਅੱਗੇ ਰੁਜ਼ਗਾਰ ਦੀ ਮੰਗ ਸਬੰਧੀ ਪਿਛਲੇ 70 ਦਿਨਾਂ ਤੋਂ ਪੱਕਾ ਮੋਰਚਾ ਲਗਾਈ ਬੈਠੇ ਟੈਟ ਪਾਸ ਬੀ.ਐੱਡ ਬੇਰੁਜ਼ਗਾਰ ਅਧਿਆਪਕ ਬੀਏ ’ਚੋਂ 55 ਫੀਸਦੀ ਦੀ ਸ਼ਰਤ ਨੂੰ ਵਾਪਸ ਕਰਾਉਣ ਲਈ ਅੱਜ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ ਕਰਨ ਪੁੱਜੇ ਸਨ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੀਆਂ ਤਸਵੀਰਾਂ ਵਾਲੇ ਪੁਤਲਿਆਂ ਨੂੰ ਗਧੀ ’ਤੇ ਬਿਠਾ ਕੇ ਸ਼ਹਿਰ ਦੇ ਬਾਜ਼ਾਰਾਂ ’ਚ ਰੋਸ ਮਾਰਚ ਕਰਨ ਮਗਰੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਨੇੜੇ ਪੁੱਜੇ ਤਾਂ ਪੁਲੀਸ ਨੇ ਨਾਕਾ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਦੋਵੇਂ ਧਿਰਾਂ ’ਚ ਝੜਪ ਹੋ ਗਈ ਤੇ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਲਾਠੀਚਾਰਜ ਕਰ ਦਿੱਤਾ ਅਤੇ ਪਾਣੀ ਦੀਆਂ ਤੇਜ਼ ਬੁਛਾੜਾਂ ਵੀ ਮਾਰੀਆਂ। ਲਾਠੀਚਾਰਜ ’ਚ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਸਮੇਤ ਕਈ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਲੱਥ ਗਈਆਂ ਅਤੇ ਉਹ ਹੇਠਾਂ ਡਿੱਗ ਗਏ।
ਉਪਰੰਤ ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਮੰਤਰੀ ਦੀ ਕੋਠੀ ਨੇੜੇ ਹੀ ਸੜਕ ’ਤੇ ਆਵਾਜਾਈ ਠੱਪ ਕਰ ਕੇ ਧਰਨਾ ਦਿੰਦਿਆਂ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀ ਢਿੱਲਵਾਂ ਅਤੇ ਗੁਰਜੀਤ ਕੌਰ ਖੇੜੀ ਨੇ ਦੋਸ਼ ਲਾਇਆ ਕਿ ਪੁਲੀਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਪੱਗਾਂ ਅਤੇ ਚੁੰਨੀਆਂ ਸੜਕਾਂ ’ਤੇ ਰੋਲੀਆਂ ਗਈਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਵੱਲੋਂ ਮਹਿਲਾ ਅਧਿਆਪਕਾਂ ’ਤੇ ਡੰਡਾ ਵਰ੍ਹਾਇਆ ਗਿਆ ਅਤੇ ਪਥਰਾਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਐਲਾਨ ਕੀਤਾ ਕਿ ਰੁਜ਼ਗਾਰ ਲੈਣ, 55 ਫੀਸਦੀ ਨੰਬਰਾਂ ਦੀ ਸ਼ਰਤ ਰੱਦ ਕਰਾਉਣ ਅਤੇ ਉਮਰ ਹੱਦ 42 ਤੋਂ ਵਧਾ ਕੇ 47 ਸਾਲ ਕਰਾਉਣ ਲਈ ਚੱਲ ਰਿਹਾ ਪੱਕਾ ਮੋਰਚਾ ਸਰਕਾਰੀ ਜਬਰ ਦੀ ਪ੍ਰਵਾਹ ਕੀਤੇ ਬਿਨਾ ਜਾਰੀ ਰਹੇਗਾ। ਇਸ ਮੌਕੇ ਯੂਨੀਅਨ ਆਗੂ ਗੁਰਦੀਪ ਸਿੰਘ ਮਾਨਸਾ, ਯੁੱਧਜੀਤ ਬਠਿੰਡਾ ਤੇ ਰਣਦੀਪ ਸੰਗਤਪੁਰਾ ਆਦਿ ਨੇ ਵੀ ਸੰਬੋਧਨ ਕੀਤਾ।
ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟੈਟ ਪਾਸ ਬੀ.ਐਡ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਸਿੱਖਿਆ ਮੰਤਰੀ ਨਾਲ 19 ਨਵੰਬਰ ਦੀ ਪੈਨਲ ਮੀਟਿੰਗ ਪੱਕੀ ਕਰਵਾ ਦਿੱਤੀ ਗਈ, ਜਿਸ ਮਗਰੋਂ ਪ੍ਰਦਰਸ਼ਨਕਾਰੀਆਂ ਨੇ ਪੁਤਲੇ ਫ਼ੂਕਦਿਆਂ ਆਪਣਾ ਰੋਸ ਪ੍ਰਦਰਸ਼ਨ ਖ਼ਤਮ ਕਰ ਦਿੱਤਾ।