ਚੰਡੀਗੜ੍ਹ/ਮਾਨਸਾ, 20 ਮਾਰਚ

ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ 10 ਮੰਤਰੀਆਂ ਨੇ ਅੱਜ ਹਲਫ਼ ਲੈ ਲਿਆ ਹੈ, ਜਿਨ੍ਹਾਂ ’ਚੋਂ ਪੰਜ ਮਾਲਵੇ ਦੇ, ਚਾਰ ਮਾਝੇ ਅਤੇ ਇੱਕ ਦੋਆਬੇ ਖੇਤਰ ਦੇ ਵਿਧਾਇਕ ਸ਼ਾਮਲ ਹਨ। ਇਨ੍ਹਾਂ 10 ’ਚੋਂ ਸਿਰਫ਼ 2 ਚਿਹਰੇ ਹੀ ਪੁਰਾਣੇ ਹਨ, ਜਦੋਂਕਿ 8 ਚਿਹਰੇ ਪਹਿਲੀ ਵਾਰ ਵਿਧਾਨ ਸਭਾ ਪਹੁੰਚੇ ਹਨ। ‘ਆਪ’ ਨੇ ਪੰਜਾਬ ’ਚ ਵੱਡੇ ਆਗੂਆਂ ਨੂੰ ਹਰਾਉਣ ਵਾਲੇ ਵਿਧਾਇਕਾਂ ਨੂੰ ਕੈਬਨਿਟ ’ਚ ਥਾਂ ਨਹੀਂ ਦਿੱਤੀ। ਇਸ ਤੋਂ ਇਲਾਵਾ ਕਈ ਪੁਰਾਣੇ ਅਤੇ ਵੱਡੀ ਜਿੱਤ ਹਾਸਲ ਕਰਨ ਵਾਲੇ ਵਿਧਾਇਕ ਵੀ ਕੈਬਨਿਟ ’ਚੋਂ ਬਾਹਰ ਰੱਖੇ ਗਏ ਹਨ।

ਪੰਜਾਬ ਵਿੱਚ ਪੰਜ ਵਾਰ ਮੁੱਖ ਮੰਤਰੀ ਰਹਿਣ ਵਾਲੇ ਪ੍ਰਕਾਸ਼ ਸਿੰਘ ਬਾਦਲ ਨੂੰ 11,396 ਵੋਟਾਂ ਨਾਲ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ, ਕੈਪਟਨ ਅਮਰਿੰਦਰ ਸਿੰਘ ਨੂੰ 19,873 ਵੋਟਾਂ ਦੇ ਫਰਕ ਨਾਲ ਹਰਾਉਣ ਵਾਲੇ ਅਜੀਤ ਪਾਲ ਸਿੰਘ ਕੋਹਲੀ, ਚਰਨਜੀਤ ਸਿੰਘ ਚੰਨੀ ਨੂੰ ਭਦੌੜ ਤੋਂ 37,558 ਵੋਟਾਂ ਦੇ ਫਰਕ ਨਾਲ ਹਰਾਉਣ ਵਾਲੇ ਲਾਭ ਸਿੰਘ ਉਗੋਕੇ ਤੇ ਚਮਕੌਰ ਸਾਹਿਬ ਤੋਂ 7,942 ਵੋਟਾਂ ਦੇ ਫਰਕ ਨਾਲ ਹਰਾਉਣ ਵਾਲੇ ਡਾ. ਚਰਨਜੀਤ ਸਿੰਘ, ਅੰਮ੍ਰਿਤਸਰ (ਪੂਰਬੀ) ਤੋਂ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਨੂੰ 6,750 ਵੋਟਾਂ ਦੇ ਫਰਕ ਨਾਲ ਹਰਾਉਣ ਵਾਲੀ ਡਾ. ਜੀਵਨ ਜੋਤ ਕੌਰ, ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਨੂੰ 30,930 ਵੋਟਾਂ ਦੇ ਫਰਕ ਨਾਲ ਹਰਾਉਣ ਵਾਲੇ ਜਗਦੀਪ ਸਿੰਘ ਗੋਲਡੀ ਕੰਬੋਜ ਵਰਗੇ ਆਗੂਆਂ ਨੂੰ ਕੈਬਨਿਟ ਵਿੱਚ ਥਾਂ ਨਹੀਂ ਮਿਲੀ।

ਇਸੇ ਤਰ੍ਹਾਂ ਆਮ ਆਦਮੀ ਪਾਰਟੀ (ਆਪ) ਨੇ ਸੂਬੇ ’ਚ ਸਭ ਤੋਂ ਵੱਧ ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕਰਨ ਵਾਲੇ ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਉਪ ਨੇਤਾ ਰਹਿ ਚੁੱਕੀ ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ ਅਤੇ ਬੁਢਲਾਢਾ ਤੋਂ ਪ੍ਰਿੰਸੀਪਲ ਬੁੱਧ ਰਾਮ ਸਣੇ ਹੋਰ ਵੱਡੇ ਚਿਹਰਿਆਂ ਨੂੰ ਵੀ ਫਿਲਹਾਲ ਮੰਤਰੀ ਮੰਡਲ ’ਚੋਂ ਬਾਹਰ ਰੱਖਿਆ ਹੈ।

ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਬਨਿਟ ਦੀ ਚੋਣ ਕਰਨ ਦਾ ਅਧਿਕਾਰ ਮੁੱਖ ਮੰਤਰੀ ਕੋਲ ਹੁੰਦਾ ਹੈ। ਸ਼ਾਇਦ ਉਨ੍ਹਾਂ (ਅਮਨ ਅਰੋੜਾ) ਵਿੱਚ ਹੀ ਕੋਈ ਕਮੀ ਰਹਿ ਗਈ ਹੋਵੇਗੀ, ਜਿਸ ਕਰਕੇ ਉਨ੍ਹਾਂ ਨੂੰ ਕੈਬਨਿਟ ਵਿੱਚ ਨਹੀਂ ਰੱਖਿਆ ਗਿਆ। ਸ੍ਰੀ ਅਰੋੜਾ ਨੇ ਕਿਹਾ ਕਿ ਭਵਿੱਖ ਵਿੱਚ ਉਹ ਕਮੀਆਂ ਦੂਰ ਕਰਨ ਦੀ ਕੋਸ਼ਿਸ਼ ਕਰਨਗੇ ਅਤੇ ਸਮੁੱਚੀ ਕੈਬਨਿਟ ਨਾਲ ਮਿਲ ਕੇ ਪੰਜਾਬ ਦੇ ਲੋਕਾਂ ਦਾ ਭਲਾ ਕਰਨਗੇ। ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਉਹ ਪਾਰਟੀ ਵਿੱਚ ਬਤੌਰ ਵਿਧਾਇਕਾ ਕੰਮ ਕਰ ਰਹੇ ਸਨ ਅਤੇ ਅੱਗੋਂ ਵੀ ਕਰਨਗੇ।

ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਲੋਕ ਸੇਵਾ ਲਈ ਮੰਤਰੀ ਹੋਣਾ ਜ਼ਰੂਰੀ ਨਹੀਂ। ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਨਾ ਸ਼ਾਮਲ ਕਰਨ ਦਾ ਕੋਈ ਗਿਲਾ ਨਹੀਂ ਹੈ। ਉਹ ਕੈਬਨਿਟ ਨਾਲ ਰਲ ਕੇ ਆਪਣੇ ਇਲਾਕੇ ਅਤੇ ਪੰਜਾਬ ਦਾ ਵਿਕਾਸ ਕਰਨ ਨੂੰ ਤਰਜੀਹ ਦੇਣਗੇ।