ਨਵੀਂ ਦਿੱਲੀ, 24 ਫਰਵਰੀ
ਰੂਸ ਵੱਲੋਂ ਯੂਕਰੇਨ ਉੱਤੇ ਵੀਰਵਾਰ ਨੂੰ ਕੀਤੇ ਗਏ ਹਮਲੇ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਇਥੇ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਹੋਈ। ਸੂਤਰਾਂ ਅਨੁਸਾਰ ਉਮੀਦ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕਰਨਗੇ। ਮੀਟਿੰਗ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਬਾਲ ਸਣੇ ਹੋਰਨਾਂ ਉਚ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਯੂਕਰੇਨ ਵਿੱਚ ਪਲ-ਪਲ ਬਦਲ ਰਹੀ ਸਥਿਤੀ ਉੱਤੇ ਭਾਰਤ ਦੀ ਨਜ਼ਰ ਹੈ। ਸਰਕਾਰ ਉਥੇ ਫਸੇ ਭਾਰਤੀ ਨਾਗਰਿਕਾਂ, ਖਾਸਕਰ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਚਾਹੁੰਦੀ ਹੈ। ਯੂਕਰੇਨ ਵਿੱਚ ਭਾਰਤੀ ਸਫਾਰਤਖਾਨੇ ਨੇ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਕਾਇਮ ਰੱਖਣ ਤੇ ਸੁਰੱਖਿਅਤ ਰਹਿਣ ਦੀ ਸਲਾਹ ਦਿੱਤੀ ਹੈ।