-ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਰੋਮਾਣਾ ਨੂੰ ਸਦਮਾ, ਮਾਤਾ ਦਾ ਦੇਹਾਂਤ
ਫਰੀਦਕੋਟ, 10 ਅਗਸਤ
ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਪਰਮਜੀਤ ਕੌਰ ਰੋਮਾਣਾ (ਧਰਮ ਪਤਨੀ ਸਵ: ਹਰਬੰਸ ਸਿੰਘ ਰੋਮਾਣਾ ਸਾਬਕਾ ਚੇਅਰਮੈਨ) ਦਾ ਅੱਜ ਬਾਅਦ ਦੁਪਹਿਰ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦੇ ਬੇਵਕਤ ਅਕਾਲ ਚਲਾਣੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਤੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਅਤੇ ਸਟੂਡੈਂਟ ਆਰਗੇਨਾਈਜੇਸ਼ਨ ਆਫ਼ ਇੰਡੀਆ (ਐਸਓਆਈ) ਦੇ ਪ੍ਰਧਾਨ ਤੇ ਯੂਥ ਆਗੂ ਪਰਮਿੰਦਰ ਸਿੰਘ ਬਰਾੜ ਸਮੇਤ ਹੋਰਨਾਂ ਆਗੂਆਂ ਨੇ ਡੂੰਘੇ  ਦੁੱਖ ਦਾ ਇਜ਼ਹਾਰ ਕੀਤਾ ਹੈ। ਇੱਥੇ ਇਹ ਦੱਸਣਯੋਗ ਹੈ ਕਿ ਸਰਦਾਰਨੀ ਪਰਮਜੀਤ ਰੋਮਾਣਾ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਹਨ ਪ੍ਰੰਤੂ ਉਹ ਆਪਣੇ ਹੌਂਸਲੇ ਕਾਰਨ ਲੰਬਾ ਸਮਾਂ ਬਿਮਾਰੀ ਨਾਲ ਲੜਦੇ ਰਹੇ ਅਤੇ ਅਖ਼ੀਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।