ਐੱਸਏਐੱਸ ਨਗਰ(ਮੁਹਾਲੀ), 4 ਅਗਸਤ
ਯੂਥ ਕਾਂਗਰਸ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਕਿਸਾਨ ਆਰਡੀਨੈੱਸਾਂ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਰੋਸ ਧਰਨੇ ਲਗਾਏ ਗਏ। ਪੰਜਾਬ ਮੰਡੀਬੋਰਡ ਦੇ ਮੁਹਾਲੀ ਸਥਿਤ ਮੁੱਖ ਦਫਤਰ ਦੇ ਗੇਟ ਸਾਹਮਣੇ ਲਗਾਏ ਧਰਨੇ ਵਿੱਚ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿਲੋਂ ਨੇ ਸ਼ਿਰਕਤ ਕੀਤੀ। ਉਨ੍ਹਾਂ ਦਾਅਵਾ ਕਿ ਪੰਜਾਬ ਦੇ ਸਮੁੱਚੇ ਵਿਧਾਨ ਸਭਾ ਹਲਕਿਆਂ ਵਿੱਚ ਘੱਟੋ ਘੱਟ ਇੱਕ ਹਜ਼ਾਰ ਥਾਵਾਂ ਉੱਤੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਵੱਲੋਂ ਸਵੇਰੇ ਦਸ ਤੋਂ ਦੁਪਹਿਰ ਬਾਰਾਂ ਵਜੇ ਤੱਕ ਧਰਨੇ ਲਗਾਏ ਗਏ ਹਨ। ਉਨ੍ਹਾਂ ਆਖਿਆ ਕਿ ਯੂਥ ਕਾਂਗਰਸ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਪਿੰਡ ਪੱਧਰ ਉੱਤੇ ਕਿਸਾਨਾਂ ਨੂੰ ਜਾਣੂ ਕਰਾਏਗੀ ਅਤੇ ਜਲਦੀ ਹੀ ਪਾਰਟੀ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਨਾਂ ਕਾਨੂੰਨਾਂ ਖਿਲਾਫ ਦਿੱਲੀ ਵਿਖੇ ਸੰਘਰਸ਼ ਆਰੰਭਿਆ ਜਾਵੇਗਾ। ਇਸ ਮੌਕੇ ਉਨ੍ਹਾਂ ਜ਼ਹਿਰੀਲੀ ਸ਼ਰਾਬ ਦੇ ਦੋਸ਼ੀਆਂ ਖਿਲਾਫ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਤੇ ਸਤੁੰਸ਼ਟੀ ਜਾਹਿਰ ਕਰਦਿਆਂ ਕਿਹਾ ਕਿ ਦੋਸ਼ੀ ਕੋਈ ਵੀ ਹੋਵੇ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਗਰ ਨਿਗਮਾਂ ਤੇ ਕੌਂਸਲਾਂ ਦੀਆਂ ਚੋਣਾਂ ਵਿੱਚ ਨੌਜਵਾਨਾਂ ਨੂੰ 33 ਫੀਸਦੀ ਟਿਕਟਾਂ ਦੇਣ ਦੀ ਵੀ ਵਕਾਲਤ ਕੀਤੀ। ਇਸ ਮੌਕੇ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਗੁਰਜੋਤ ਸਿੰਘ ਢੀਂਡਸਾ, ਜਨਰਲ ਸਕੱਤਰ ਉਦੈਵੀਰ ਸਿੰਘ ਢਿਲੋਂ ਤੇ ਮੋਹਿਤ ਮਹਿੰਦਰਾ, ਸਕੱਤਰ ਮਨਜੋਤ ਸਿੰਘ ਮੁਹਾਲੀ ਤੇ ਜਸਕਰਨ ਸਿੰਘ ਕਾਹਲੋਂ ਅਤੇ ਯੂਥ ਕਾਂਗਰਸ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਐਡਵੋਕੇਟ ਕੰਵਰਬੀਰ ਸਿੰਘ ਰੂਬੀ ਸਿੱਧੂ ਮੌਜੂਦ ਸਨ।